ਐਸ.ਏ.ਐਸ ਨਗਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ :
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ 'ਅੰਤਰਰਾਸ਼ਟਰੀ ਪੁਆਧੀ ਮੰਚ ਮੋਹਾਲੀ' ਦੇ ਸਹਿਯੋਗ ਨਾਲ ਅੱਜ ਗੁਰਪ੍ਰੀਤ ਸਿੰਘ ਨਿਆਮੀਆਂ ਦੁਆਰਾ ਰਚਿਤ ਪੁਸਤਕ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਯੋਗਰਾਜ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਸੁਖਵਿੰਦਰ ਸਿੰਘ ਅਤੇ ਡੀ.ਐੱਸ.ਪੀ. ਹਰਸਿਮਰਨ ਸਿੰਘ ਬੱਲ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਰੂਪਰੇਖਾ ਵੀ ਸਾਂਝੀ ਕੀਤੀ ਗਈ। ਪ੍ਰਧਾਨਗੀ ਮੰਡਲ ਵੱਲੋਂ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ ਨੂੰ ਲੋਕ ਅਰਪਣ ਵੀ ਕੀਤਾ ਗਿਆ।