ਸੀਬੀਆਈ ਜਾਂਚ,ਦਸ ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਮੰਗੀ
ਨਵੀਂ ਦਿੱਲੀ/28 ਅਕਤੂਬਰ/ਦੇਸ਼ ਕਲਿਕ ਬਿਊਰੋ:
ਸਿੰਘੂ ਬਾਰਡਰ ‘ਤੇ ਬੇਅਦਬੀ ਦੇ ਦੋਸ਼ ‘ਚ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰ ਨੇ ਅੱਜ ਵੀਰਵਾਰ ਨੂੰ ਸੀਬੀਆਈ ਜਾਂਚ, ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਲਖਬੀਰ ਦੇ ਪਰਿਵਾਰ ‘ਚ ਉਸਦੀਪਤਨੀ, ਧੀ, ਭਰਾ ਅਤੇ ਪਿਤਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਗਏ ਪਰ ਉਹ ਉਪਲਬਧ ਨਾ ਹੋਣ ਕਾਰਨ ਉਨ੍ਹਾਂ ਨੇ ਗ੍ਰਹਿ ਮੰਤਰੀ ਦੇ ਸਟਾਫ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਰੱਖੀਆਂ।
ਸਟਾਫ਼ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਗ੍ਰਹਿ ਮੰਤਰੀ ਤੱਕ ਪਹੁੰਚਾਈਆਂ ਜਾਣਗੀਆਂ।
ਲਖਬੀਰ ਦੇ ਪਰਿਵਾਰ ਨੇ ਇਸ ਤੋਂ ਪਹਿਲਾਂ 25 ਅਕਤੂਬਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਸੀ।
ਪੀੜਤ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸਾਂਪਲਾ ਨੇ ਕਿਹਾ ਸੀ ਕਿ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ ਹੈ, ਮੁਆਵਜ਼ਾ ਦਿੱਤਾ ਜਾਵੇਗਾ ਅਤੇ ਅੱਤਿਆਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਲਖਬੀਰ ਦੇ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਰ ਦਿੱਤਾ ਹੈ ਕਿ ਉਸ ਨੂੰ ਅਣਪਛਾਤੇ ਲੋਕਾਂ ਵੱਲੋਂ ਕਿਸਾਨਾਂ ਦੇ ਧਰਨੇ ਵਾਲੀ ਥਾਂ ਸਿੰਘੂ ਬਾਰਡਰ 'ਤੇ ਲਿਜਾਇਆ ਗਿਆ ਸੀ।
ਐਸਆਈਟੀ ਜਾਂਚ ਦੇ ਆਦੇਸ਼ ਦੇਣ ਤੋਂ ਬਾਅਦ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਸੀ ਕਿ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਵਰਿੰਦਰ ਕੁਮਾਰ ਐਸਆਈਟੀ ਦੀ ਅਗਵਾਈ ਕਰਨਗੇ, ਜਿਸ ਵਿੱਚ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਲਖਬੀਰ ਦਾ ਕਥਿਤ ਤੌਰ 'ਤੇ ਨਿਹੰਗਾਂ ਨੇ ਆਪਣੇ ਸਰਬਲੋਹ ਗ੍ਰੰਥ ਦੀ ਬੇਅਦਬੀ ਦੇ ਦੋਸ਼ 'ਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।ਲਖਬੀਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਖੁਰਦ ਦਾ ਵਸਨੀਕ ਸੀ ਅਤੇ ਆਪਣੇ ਪਿੱਛੇ ਪਤਨੀ ਜਸਪ੍ਰੀਤ ਕੌਰ ਅਤੇ ਤਿੰਨ ਬੱਚੇ ਛੱਡ ਗਿਆ ਹੈ।