ਚੰਡੀਗੜ੍/29 ਅਕਤੂਬਰ/ਦੇਸ਼ ਕਲਿਕ ਬਿਊਰੋ:
ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਦ ਕਾਂਗਰਸ ਵਿੱਚ ਹਲਚਲ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਗਏ ਹਨ।ਇਸ ਵਾਰ ਉਨ੍ਹਾਂ ਵੱਲੋਂ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਕਰਨ ਦੀ ਚਰਚਾ ਹੈ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ। ਚੰਨੀ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਵੀ ਗਏ ਹਨ।
ਜ਼ਿਕਰਯੋਗ ਹੈ ਕਿ ਅਜੇ ਬੁੱਧਵਾਰ ਨੂੰ ਵੀ ਰਾਹੁਲ ਗਾਂਧੀ ਨੇ ਵਿਧਾਇਕਾਂ ਤੇ ਮੰਤਰੀਆਂ ਤੋਂ ਬਾਅਦ ਸੀਐੱਮ ਚੰਨੀ ਨੂੰ ਅਚਾਨਕ ਦਿੱਲੀ ਸੱਦਿਆ ਸੀ। ਰਾਹੁਲ ਗਾਂਧੀ ਨੇ ਵੀਰਵਾਰ ਨੂੰ ਲਗਭਗ ਢਾਈ ਘੰਟੇ ਚੰਨੀ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਜਾਣਕਾਰੀ ਲਈ।
ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਆਪਣੀ ਪਾਰਟੀ ਬਣਾਉਣ ਦੇ ਐਲਾਨ ਦੇ ਮੱਦੇਨਜ਼ਰ ਰਾਹੁਲ ਨੇ ਚੰਨੀ ਨੂੰ ਕਿਹਾ ਕਿ ਇਸ ਨੂੰ ਹਲਕੇ ਵਿੱਚ ਨਾ ਲੈਣ ਅਤੇ ਨਾਰਾਜ਼ ਵਿਧਾਇਕਾਂ ਨਾਲ ਰਾਬਤਾ ਕਾਇਮ ਕਰਨ।