ਨਵੀਂ ਦਿੱਲੀ/31ਅਕਤੂਬਰ/ਦੇਸ਼ ਕਲਿਕ ਬਿਊਰੋ:
ਬੀਕੇਯੂ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਅੱਜ ਐਤਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਪੈਦਾ ਨਾ ਕਰਨ ਦੀ ਚੇਤਾਵਨੀ ਦਿੱਤੀ। ਚੜੂਨੀ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਚੋ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਵਾਰ ਦੀਵਾਲੀ ਪ੍ਰਧਾਨ ਮੰਤਰੀ ਮੋਦੀ ਦੇ ਘਰ ਹੀ ਮਨਾਈ ਜਾਵੇਗੀ। ਵੀਡੀਓ 'ਚ ਚੜੂਨੀ ਨੇ ਕਿਸਾਨਾਂ ਨੂੰ ਕਿਹਾ ਕਿ ਦੋਸਤੋ, ਸਰਕਾਰ ਪਿਛਲੇ ਕਈ ਦਿਨਾਂ ਤੋਂ ਬਾਰਡਰ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ ਅਤੇ ਲੋਕਾਂ 'ਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਚਰਚਾ ਹੈ ਕਿ ਸਰਕਾਰ ਦੀਵਾਲੀ ਤੋਂ ਪਹਿਲਾਂ ਸੜਕਾਂ ਸਾਫ਼ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਉਹ ਕਿਸੇ ਗਲਤਫਹਿਮੀ ਵਿੱਚ ਨਾ ਰਹੇ। ਆਪਣੇ ਆਪ ਨੂੰ ਵੀ ਤਿਆਰ ਕਰੋ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਐਤਵਾਰ ਨੂੰ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ। ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਬੰਦ ਸਰਹੱਦਾਂ ਨੂੰ ਜ਼ਬਰਦਸਤੀ ਖੋਲ੍ਹਣ ਦੀਆਂ ਕੋਸ਼ਿਸ਼ਾਂ 'ਤੇ ਕਿਸਾਨ ਆਗੂ ਗੁੱਸੇ 'ਚ ਹਨ। ਰਾਕੇਸ਼ ਟਿਕੈਤ ਤੇ ਗੁਰਨਾਮ ਚੜੂਨੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਕਾਰਵਾਈ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।