ਨਾਰਨੌਂਦ(ਹਰਿਆਣਾ)/5ਨਵੰਬਰ/ਦੇਸ਼ ਕਲਿਕ ਬਿਊਰੋ :
ਕਿਸਾਨਾਂ ਵੱਲੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਖਿਲਾਫ ਨਾਰਨੌਂਦ 'ਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਉਸ ਦੀ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਰਾਮਚੰਦਰ ਜਾਂਗੜਾ ਇਕ ਧਰਮਸ਼ਾਲਾ ਦਾ ਉਦਘਾਟਨ ਕਰਨ ਆਏ ਸਨ। ਇਸ ਦਾ ਪਤਾ ਲੱਗਦਿਆਂ ਹੀ ਕਿਸਾਨਾਂ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ।
ਕਈ ਵਾਰ ਪੁਲੀਸ ਅਤੇ ਕਿਸਾਨਾਂ ਦਰਮਿਆਨ ਮਾਮੂਲੀ ਝੜਪਾਂ ਵੀ ਹੋਈਆਂ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਚਾਰੇ ਪਾਸੇ ਬੈਰੀਕੇਡ ਲਗਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ ਪਰ ਕਿਸਾਨਾਂ ਦੀ ਵੱਡੀ ਗਿਣਤੀ ਕਾਰਨ ਪੁਲੀਸ ਉਨ੍ਹਾਂ ਨੂੰ ਕਾਬੂ ਨਹੀਂ ਕਰ ਸਕੀ।ਆਖ਼ਰਕਾਰ ਸਖ਼ਤ ਮਿਹਨਤ ਤੋਂ ਬਾਅਦ ਕਿਸਾਨਾਂ ਨੇ ਪੰਡਾਲ ਵਿੱਚ ਪਹੁੰਚ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਹ ਵਿੱਚ ਆਏ ਕਿਸਾਨਾਂ ਨੇ ਸੰਸਦ ਮੈਂਬਰ ਦੀ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ। ਸੰਸਦ ਮੈਂਬਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਅਜਿਹਾ ਵਿਵਹਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲੀਸ ਨੇ ਇਸ ਮਾਮਲੇ ਵਿੱਚ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।