ਡੇਰਾ ਬਾਬਾ ਨਾਨਕ/17 ਨਵੰਬਰ/ਦੇਸ਼ ਕਲਿਕ ਬਿਊਰੋ:
ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ 611 ਦਿਨਾਂ ਬਾਅਦ ਅੱਜ ਬੁੱਧਵਾਰ ਨੂੰ ਮੁੜ ਖੁੱਲ੍ਹ ਗਿਆ। ਪਹਿਲੇ ਦਿਨ ਲਾਂਘੇ ‘ਚੋਂ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦਾ ਪਾਕਿਸਤਾਨੀ ਅਧਿਕਾਰੀਆਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਲਾਂਘੇ ਦੇ ਮੁੜ ਖੁੱਲ੍ਹਣ 'ਤੇ ਪਹੁੰਚੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਫੁੱਲਾਂ ਦੀ ਵਰਖਾ ਕੀਤੀ ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਖਜੂਰ ਅਤੇ ਮਿੱਠੇ ਚੌਲ ਛਕਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ਼ਰਧਾਲੂ ਜਸਪਾਲ ਸਿੰਘ, ਪ੍ਰਭਜੋਤ ਸਿੰਘ ਅਤੇ ਪ੍ਰਭਜੋਤ ਬਿੰਦਰਾ ਨੇ ਦੱਸਿਆ ਕਿ ਉਥੇ ਪ੍ਰਬੰਧ ਵੀ ਬਹੁਤ ਵਧੀਆ ਸਨ।ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਖੁਦ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ।
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂ ਪਹਿਲਾਂ ਨਿੱਜੀ ਵਾਹਨ ਜਾਂ ਸਰਕਾਰੀ ਟਰਾਂਸਪੋਰਟ ਰਾਹੀਂ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ। ਇਸ ਤੋਂ ਬਾਅਦ ਹੀ ਉਹ ਕਰਤਾਰਪੁਰ ਸਾਹਿਬ ਤੱਕ ਲਾਂਘੇ ਰਾਹੀਂ ਜਾ ਰਹੇ ਹਨ। ਇੱਥੇ ਸ਼ਰਧਾਲੂ ਇਮੀਗ੍ਰੇਸ਼ਨ ਸਬੰਧੀ ਲੋੜੀਂਦੀ ਪੜਤਾਲ ਤੋਂ ਬਾਅਦ ਪੈਦਲ ਹੀ ਜ਼ੀਰੋ ਲਾਈਨ 'ਤੇ ਐਂਟਰੀ ਪੁਆਇੰਟ ਪਾਰ ਕਰ ਰਹੇ ਹਨ। ਪਾਕਿਸਤਾਨ ਪਹੁੰਚਣ 'ਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਲਿਜਾਣ ਲਈ ਵਿਸ਼ੇਸ਼ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ।