ਨਵੀਂ ਦਿੱਲੀ/21 ਨਵੰਬਰ/ਦੇਸ਼ ਕਲਿਕ ਬਿਊਰੋ:
ਕੇਂਦਰੀ ਮੰਤਰੀ ਮੰਡਲ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਸਹੀ ਪਾ ਸਕਦਾ ਹੈ।ਜਾਣਕਾਰੀ ਅਨੁਸਾਰ ਇਹ ਬਿੱਲ ਫਿਰ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ।ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਵੇਗਾ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂਪੁਰਬ ਦੇ ਮੌਕੇ 'ਤੇ ਐਲਾਨ ਕੀਤਾ ਸੀ ਕਿ ਸਰਕਾਰ ਦੇਸ਼ ਦੇ ਹਿੱਤ 'ਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਰਹੀ ਹੈ।ਦੱਸਣਯੋਗ ਹੈ ਕਿ ਸੰਸਦੀ ਨਿਯਮਾਂ ਅਨੁਸਾਰ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਵੀ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਨਾ ਪੈਂਦਾ ਹੈ।