ਭੁਵਨੇਸ਼ਵਰ: 27 ਨਵੰਬਰ, ਦੇਸ਼ ਕਲਿੱਕ ਬਿਓਰੋ
ਭਾਰਤ ਦੀ ਹਾਕੀ ਟੀਮ 14 ਦਸੰਬਰ ਤੋਂ ਸ਼ੁਰੂ ਹੋ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਤਿਆਰੀਆਂ ਕਰ ਰਹੀ ਹੈ। ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਰਮਨਪ੍ਰੀਤ ਨੂੰ ਖਿਤਾਬ ਦਾ ਬਚਾਅ ਕਰਨ ਲਈ ਢਾਕਾ ਵਿੱਚ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ। ਕਪਤਾਨ ਮਨਪ੍ਰੀਤ ਸਿੰਘ ਨੇ ਕਿਹਾ, "ਅਸੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਤਿਆਰ ਹਾਂ। ਅਸੀਂ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਹੇ ਹਾਂ, ਕਿਉਂਕਿ ਓਲੰਪਿਕ ਤੋਂ ਬਾਅਦ ਸਾਡਾ ਫਿਟਨੈੱਸ ਪੱਧਰ ਡਿੱਗ ਗਿਆ ਸੀ। ਪਰ, ਹੁਣ ਅਸੀਂ ਇਸ ਨੂੰ ਮੁੜ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।" ਹਰ ਖਿਡਾਰੀ ਆਪਣਾ 100 ਫੀਸਦੀ ਯੋਗਦਾਨ ਦੇ ਰਿਹਾ ਹੈ।
ਓਲੰਪਿਕ ਟੀਮ ਦਾ ਹਿੱਸਾ ਰਹੇ ਕਈ ਖਿਡਾਰੀਆਂ ਨੂੰ ਟੂਰਨਾਮੈਂਟ ਲਈ ਆਰਾਮ ਦਿੱਤਾ ਗਿਆ, ਜਿਨ੍ਹਾਂ ਵਿੱਚ ਮਹਾਨ ਗੋਲਕੀਪਰ ਪੀਆਰ ਸ੍ਰੀਜੇਸ਼ ਵੀ ਸ਼ਾਮਲ ਹੈ। ਇਸ ਬਾਰੇ ਮਨਪ੍ਰੀਤ ਨੇ ਕਿਹਾ ਕਿ ਨੌਜਵਾਨ ਖਿਡਾਰੀਆਂ ਲਈ ਅਗਲੇ ਸਾਲ ਰੁਝੇਵਿਆਂ ਭਰੇ ਸੀਜ਼ਨ ਤੋਂ ਪਹਿਲਾਂ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਦਾ ਇਹ ਵਧੀਆ ਮੌਕਾ ਹੈ। ਉਸਨੇ ਅੱਗੇ ਕਿਹਾ, "ਇਨ੍ਹਾਂ ਵਿੱਚੋਂ ਕੁਝ ਨੌਜਵਾਨ ਖਿਡਾਰੀ ਆਪਣੇ ਮੌਕਿਆਂ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਟੀਮ ਵਿੱਚ ਜਗ੍ਹਾ ਬਣਾਉਣ ਲਈ ਬਹੁਤ ਸਖ਼ਤ ਮਿਹਨਤ ਕਰ ਰਹੇ ਹਨ। ਮੈਨੂੰ ਲੱਗਦਾ ਹੈ ਕਿ ਇਨ੍ਹਾਂ ਖਿਡਾਰੀਆਂ ਦੀ ਸਮਰੱਥਾ ਨੂੰ ਦੇਖਣ ਲਈ ਇਹ ਇੱਕ ਚੰਗਾ ਟੂਰਨਾਮੈਂਟ ਹੈ।"