ਹਰ ਵਿਅਕਤੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ, ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਹੋ ਰਿਹੈ ਟੀਕਾਕਰਨ
ਮਾਰੂ ਬੀਮਾਰੀ ਦੀ ਰੋਕਥਾਮ ਲਈ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਪਰ ਲੋਕਾਂ ਦਾ ਸਾਥ ਜ਼ਰੂਰੀ
ਮੋਹਾਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ :
ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰਖਣਾ ਅਤੇ ਵਾਰ-ਵਾਰ ਹੱਥ ਧੋਣਾ। ਉਨ੍ਹਾਂ ਕਿਹਾ,‘ਵੇਖਣ ਵਿਚ ਆਇਆ ਹੈ ਕਿ ਬਹੁਤੇ ਲੋਕ ਇਨ੍ਹਾਂ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਉੱਕਾ ਹੀ ਪਰਵਾਹ ਨਹੀਂ ਕਰ ਰਹੇ। ਇਸ ਵੇਲੇ ਜ਼ਰੂਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਬੀਮਾਰੀ ਦੀ ਰੋਕਥਾਮ ਲਈ ਤਮਾਮ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁਕੇ ਹਨ ਅਤੇ ਸਿਹਤ ਵਿਭਾਗ ਇਸ ਲਹਿਰ ਨੂੰ ਕੰਟਰੋਲ ਕਰਨ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਿਹਾ ਹੈ ਪਰ ਇਸ ਬੀਮਾਰੀ ਪ੍ਰਤੀ ਲੋਕਾਂ ਦਾ ਲਾਪਰਵਾਹ ਰਵਈਆ ਸਥਿਤੀ ਨੂੰ ਹੋਰ ਵਿਗਾੜ ਸਕਦਾ ਹੈ।’ ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਕੋਵਿਡ ਦੀ ਬੀਮਾਰੀ ਹੁਣ ਸ਼ਾਇਦ ਖ਼ਤਮ ਹੋ ਗਈ ਹੈ। ਬਹੁਤੀ ਥਾਈਂ ਲੋਕ ਬੇਖ਼ੌਫ਼ ਹੋ ਕੇ ਮੂੰਹ ਢਕੇ ਬਿਨਾਂ ਘੁੰਮ-ਫਿਰ ਰਹੇ ਹਨ ਅਤੇ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਦੇ ਬਾਜ਼ਾਰਾਂ ਵਿਚ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ।
ਸਿਵਲ ਸਰਜਨ ਨੇ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਵੀ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਅਜਿਹੇ ਲੋਕ ਸਿਹਤ ਸੰਸਥਾਵਾਂ ਵਿਚ ਜਾ ਕੇ ਬਿਨਾਂ ਕਿਸੇ ਅੜਚਣ ਟੀਕਾਕਰਨ ਕਰਵਾ ਸਕਦੇ ਹਨ ਕਿਉਂਕਿ ਇਹ ਦਵਾਈ ਕੋਵਿਡ ਦੀ ਲਾਗ ਲੱਗਣ ਤੋਂ ਬਚਾਉਂਦੀ ਹੈ। ਜੇ ਕਿਸੇ ਕਾਰਨ ਕੋਵਿਡ ਹੋ ਵੀ ਜਾਂਦਾ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।