ਹੁਣ ਸਿੱਖਾਂ ਦੇ ਮਸਲੇ ਜਲਦੀ ਹੱਲ ਹੋਣਗੇ : ਸਿਰਸਾ
ਨਵੀਂ ਦਿੱਲੀ: 1 ਦਸੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕੇਂਦਰੀ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਤੇ ਕੇਂਦਰੀ ਮੰਤਰੀ ਗੁਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਉਨ੍ਹਾਂ ਭਾਜਪਾ ਦੇ ਦਫਤਰ ਵਿੱਚ ਪਹੁੰਚ ਕੇ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ੍ਹ ਲਿਆ।
ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ਦੇ ਪ੍ਰਧਾਨ, ਪ੍ਰਧਾਨ ਮੰਤਰੀ, ਅਮਿਤ ਸ਼ਾਹ ਤੇ ਹੋਰ ਬਹੁਤ ਸਾਰੇ ਲੀਡਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਮੇਂ ‘ਚ ਸਿੱਖ ਭਾਈਚਾਰੇ ‘ਚ ਰਹਿੰਦਿਆਂ ਸਮਾਜ ਦੀ ਤੇ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਰਤ ‘ਚ ਸਿੱਖਾਂ ਦੇ ਬਹੁਤ ਮੁੱਦੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਮੁੱਦੇ ਸਰਕਾਰ ਹੀ ਹੱਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸਿੱਖ ਮਸਲਿਆਂ ਨੂੰ ਚੁੱਕਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਅਮਿਤ ਸ਼ਾਹ ਨੂੰ ਮਿਲੇ ਤਾਂ ਉਨ੍ਹਾਂ ਸਾਰੇ ਮਸਲੇ ਹੱਲ ਕਰਾਉਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਵੀ ਗੱਲ ਕਰਵਾਈ।
ਸਿਰਸਾ ਨੇ ਅੱਗੇ ਕਿਹਾ ਕਿ ਜੰਮੂ ਕਸ਼ਮੀਰ, ਸਿਲੌਂਗ ਤੇ ਹੋਰ ਥਾਵਾਂ ‘ਤੇ ਸਿੱਖਾਂ ਦੇ ਮਸਲੇ ਖੜ੍ਹੇ ਹਨ, ਜਿਨ੍ਹਾਂ ਨੂੰ ਹੱਲ ਕਰਾਉਣ ਲਈ ਉਹ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਸਿੱਖਾਂ ਦੇ ਵੱਡੇ ਮਸਲਿਆਂ ਉੱਤੇ ਗੱਲ ਕੀਤੀ ਹੈ ਅਤੇ ਉਹ ਸਾਰੇ ਮਸਲੇ ਹੱਲ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕ ਜਲਦੀ ਦੇਖਣਗੇ ਕਿ ਇਹ ਸਾਰੇ ਮਸਲੇ ਜਲਦੀ ਜਲਦੀ ਹੱਲ ਹੋਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੋਂ ਇਸ ਲਈ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਰਹੇ ਹਨ ਤਾਂ ਕਿ ਉਨ੍ਹਾਂ ਉੱਪਰ ਇਹ ਦੋਸ਼ ਨਾ ਲੱਗੇ ਕਿ ਉਹ ਕਮੇਟੀ ਦੀ ਪ੍ਰਧਾਨਗੀ ਬਚਾਉਣ ਲਈ ਭਾਜਪਾ ਵਿੱਚ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਸਿਆਸੀ ਲੀਡਰਾਂ ਨੇ ਆਪਣੀ ਖੁਦਗਰਜ਼ੀ ਕਰਕੇ ਹਿੰਦੂ ਸਿੱਖਾਂ ਵਿੱਚ ਮਾਹੌਲ ਖਰਾਬ ਕਰ ਦਿੱਤਾ ਹੈ ਜਦੋਂ ਕਿ ਹਿੰਦੂ ਪਰਿਵਾਰ ਆਪਣੇ ਵੱਡੇ ਬੱਚੇ ਨੂੰ ਸਿੱਖ ਬਣਾਉਂਦਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰੰਪਰਾ ਹੁਣ ਵੀ ਜਾਰੀ ਰੱਖਣੀ ਚਾਹੀਦੀ ਹੈ।