ਨਵੀਂ ਦਿੱਲੀ/ 7 ਦਸੰਬਰ/ ਦੇਸ਼ ਕਲਿਕ ਬਿਊਰੋ:
ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸ ਆਗੂ ਅਤੇ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਸ ਮਾਮਲੇ 'ਚ ਸੱਜਣ ਕੁਮਾਰ 'ਤੇ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ ਆਇਦ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ। ਸੱਜਣ ਕੁਮਾਰ ਪਹਿਲਾਂ ਹੀ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਜਾਣਕਾਰੀ ਮੁਤਾਬਕ ਸੱਜਣ ਕੁਮਾਰ ਖਿਲਾਫ ਦਿੱਲੀ ਦੇ ਸਰਸਵਤੀ ਵਿਹਾਰ ਥਾਣੇ 'ਚ ਦਿੱਲੀ ਦੇ ਰਾਜਨਗਰ 'ਚ ਦੋ ਸਿੱਖਾਂ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੇ ਕਤਲ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਸੱਜਣ ਕੁਮਾਰ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੰਗਲਵਾਰ ਨੂੰ ਰੋਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।