ਕੈਬਨਿਟ ਮੰਤਰੀ ਸਿੰਗਲਾ ‘ਸੰਗਰੂਰ ਦੀ ਆਵਾਜ਼’ ਤਹਿਤ ਕਾਲਜ ਆਡੀਟੋਰੀਅਮ ’ਚ ਹੋਏ ਵਿਦਿਆਰਥੀਆਂ ਦੇ ਰੂ-ਬਰੂ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 24 ਦਸੰਬਰ, 2021: ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ 50 ਲੱਖ ਦੀ ਲਾਗਤ ਨਾਲ ਨਵਿਆਏ ਗਏ ਆਡੀਟੋਰੀਅਮ ਹਾਲ ਦਾ ਉਦਘਾਟਨ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ‘ਸੰਗਰੂਰ ਦੀ ਆਵਾਜ਼’ ਤਹਿਤ ਕਰਵਾਏ ਇੱਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਨੌਜਵਾਨ ਵਿਦਿਆਰਥੀਆਂ ਨਾਲ ਸਮਾਜ, ਰਾਜਨੀਤੀ ਤੇ ਹੋਰਨਾਂ ਖੇਤਰਾਂ ’ਚ ਲੋੜੀਂਦੇ ਸੁਧਾਰਾਂ ਬਾਰੇ ਵਿਚਾਰਾਂ ਕੀਤੀਆਂ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਕਿਹਾ ਕਿ ਵਿਦਿਆਰਥੀ ਵਰਗ ਦੇਸ਼ ਦੀ ਤਰੱਕੀ ਲਈ ਅਹਿਮ ਭੂਮਿਕਾ ਅਦਾ ਕਰਦਾ ਹੈ ਇਸ ਲਈ ਵਿਦਿਆਰਥੀਆਂ ਨੂੰ ਆਲੇ ਦੁਆਲੇ ਪ੍ਰਤੀ ਹਮੇਸ਼ਾ ਚੇਤੰਨ ਰਹਿਣਾ ਚਾਹੀਦਾ ਹੈ। ਉਨਾਂ ਵਿਦਿਆਰਥੀਆਂ ਤੋਂ ਸਰਕਾਰੀ ਰਣਬੀਰ ਕਾਲਜ ਦੀ ਤਰੱਕੀ ਲਈ ਕੀਤੇ ਜਾ ਸਕਣ ਵਾਲੇ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਨਾਂ ਦਾ ਟੀਚਾ ਹੈ ਕਿ ਆਉਣ ਵਾਲੇ ਕੁਝ ਸਮੇਂ ਅੰਦਰ ਇਹ ਕਾਲਜ ਪੰਜਾਬ ਦਾ ਸਭ ਤੋਂ ਵਿਕਸਿਤ ਕਾਲਜ ਬਣ ਕੇ ਉੱਭਰੇਗਾ।
ਸ਼੍ਰੀ ਸਿੰਗਲਾ ਨੇ ਦੱਸਿਆ ਕਿ ਆਡੀਟੋਰੀਅਮ ਤੋਂ ਇਲਾਵਾ ਉਨਾਂ ਵੱਲੋਂ ਕਾਲਜ ’ਚ 2 ਕਰੋੜ ਰੁਪਏ ਦੀ ਲਾਗਤ ਨਾਲ ਈ-ਲਾਇਬਰੇਰੀ, 45 ਲੱਖ ਰੁਪਏ ਕਮਰਿਆਂ ਲਈ ਅਤੇ 40 ਲੱਖ ਰੁਪਏ ਹੋਰਨਾਂ ਬਲਾਕਾਂ ਦੇ ਨਵੀਨੀਕਰਨ ਲਈ ਖਰਚ ਕੀਤੇ ਜਾ ਰਹੇ ਹਨ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਲਜ ਦੀ ਬਿਹਤਰੀ ਲਈ ਉਨਾਂ ਵੱਲੋਂ ਪਹਿਲਾਂ ਵੀ ਉਪਰਾਲੇ ਕੀਤੇ ਗਏ ਹਨ ਅਤੇ ਇਸਦੀ ਨਿਰੰਤਰ ਉੱਨਤੀ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।
ਸੰਗਰੂਰ ਹਲਕੇ ’ਚ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਦੀ ਨੁਹਾਰ ਬਦਲਣ ਅਤੇ ਹਲਕੇ ਨੂੰ ਮੈਡੀਕਲ ਹੱਬ ਵਜੋਂ ਵਿਕਸਿਤ ਕਰਨ ਲਈ ਉਨਾਂ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ ਨੂੰ ਵਿਰਾਸਤੀ ਦਿੱਖ ਪ੍ਰਦਾਨ ਕਰਨ ਅਤੇ ਵਿਰਾਸਤੀ ਇਮਾਰਤਾਂ ਦੀ ਸਾਂਭ ਸੰਭਾਲ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਹਲਕੇ ਦੇ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵਧੀਆ ਬਣਾਇਆ ਗਿਆ ਹੈ।
ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਯਤਨਾਂ ਸਦਕਾ ਹੀ ਸੰਗਰੂਰ ਹਲਕੇ ’ਚ ਡਿਗਰੀ ਕਾਲਜ, ਮੈਡੀਕਲ ਕਾਲਜ ਤੇ ਪੀ.ਜੀ.ਆਈ. ਅਤੇ ਟਾਟਾ ਮੈਮੋਰੀਅਲ ਸੈਂਟਰ ਵਰਗੀਆਂ ਸਹੂਲਤਾਂ ਉਪਲਬਧ ਕਰਵਾਉਣ ਦਾ ਸੁਪਨਾ ਪੂਰਾ ਹੋ ਸਕਦਾ ਹੈ। ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਵੀ ਸੰਗਰੂਰ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਪਿ੍ਰੰਸੀਪਲ ਸੁਖਬੀਰ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਕੁਮਾਰ ਗਾਬਾ, ਕਾਂਗਰਸੀ ਆਗੂ ਮਹੇਸ਼ ਕੁਮਾਰ ਮੇਸ਼ੀ ਅਤੇ ਕਾਲਜ ਦਾ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।