ਸੀਨੀਅਰ ਮੈਡੀਕਲ ਅਫ਼ਸਰ ਵਲੋਂ ਹਰ ਲਾਭਪਾਤਰੀ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਬੂਥਗੜ੍ਹ, 27 ਜਨਵਰੀ :ਦੇਸ਼ ਕਲਿੱਕ ਬਿਓਰੋ
ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਕੋਵਿਡ ਰੋਕੂ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਹਰ ਰੋਜ਼ ਵੱਖ-ਵੱਖ ਥਾਵਾਂ ’ਤੇ ਕੋਵਿਡ ਟੀਕਾਕਰਨ ਅਤੇ ਸੈਂਪਲਿੰਗ ਦੇ ਕੈਂਪ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੀ.ਐਚ.ਸੀ. ਬੂਥਗੜ੍ਹ ਵਿਖੇ ਰੋਜ਼ਾਨਾ ਕੋਵਿਡ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ ਜਿਥੇ ਭਾਰੀ ਗਿਣਤੀ ਵਿਚ ਲੋਕ ਆ ਕੇ ਟੀਕਾਕਰਨ ਕਰਵਾ ਰਹੇ ਹਨ। ਇਸ ਵੇਲੇ 15 ਤੋਂ 18 ਸਾਲ ਦੀ ਉਮਰ ਤਕ ਦੇ ਨੌਜਵਾਨਾਂ ਦੇ ਨਾਲ-ਨਾਲ 18 ਸਾਲ ਤੋਂ ਉਪਰਲੇ ਹਰ ਲਾਭਪਾਤਰੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 60 ਸਾਲ ਤੋਂ ਉਪਰਲੇ ਬਜ਼ੁਰਗਾਂ, ਫ਼ਰੰਟ ਲਾਈਨ ਵਰਕਰਾਂ, ਹੈਲਥ ਕੇਅਰ ਵਰਕਰਾਂ ਨੂੰ ਬੂਸਟਰ ਡੋਜ਼ ਦੇ ਇੰਜੈਕਸ਼ਨ ਵੀ ਲਗਾਏ ਜਾ ਰਹੇ ਹਨ ਤੇ ਪੋਲਿੰਗ ਡਿਊਟੀ ਸਟਾਫ਼ ਦਾ ਵੀ ਟੀਕਾਕਰਨ ਹੋ ਰਿਹਾ ਹੈ।
ਐਸ.ਐਮ.ਓ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਾਮੇ ਪੂਰੀ ਸਰਗਰਮੀ ਨਾਲ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰ ਰਹੇ ਹਨ ਜਿਸ ਲਈ ਉਹ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਬੀਮਾਰੀ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਥਾਈਂ ਲੋਕ ਬਿਨਾਂ ਮੂੰਹ ਢਕੇ ਹੀ ਘੁੰਮ ਰਹੇ ਹਨ ਅਤੇ ਹੋਰ ਸਾਵਧਾਨੀਆਂ ਵੀ ਨਹੀਂ ਵਰਤ ਰਹੇ ਜਿਸ ਕਾਰਨ ਬੀਮਾਰੀ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀ ਨੇ ਹਾਲੇ ਤਕ ਵੀ ਟੀਕਾਕਰਨ ਨਹੀਂ ਕਰਵਾਇਆ, ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਆ ਕੇ ਟੀਕਾਕਰਨ ਕਰਵਾਏ ਜੋ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਕੋਵਿਡ ਦਾ ਕੇਸ ਸਾਹਮਣੇ ਆ ਰਿਹਾ ਹੈ, ਉਸ ਮਰੀਜ਼ ਨੂੰ ਕੋਵਿਡ ਕਿੱਟ ਦੇਣ ਦੇ ਨਾਲ-ਨਾਲ ਉਸ ਦੀ ਸਿਹਤ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਐਸ.ਐਮ.ਓ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਹਰਮਨ, ਡਾ. ਅਰੁਣ ਬਾਂਸਲ, ਡਾ. ਸੁਬਿਨ, ਹੈਲਥ ਇੰਸਪੈਕਟਰ (ਐਚ.ਆਈ.) ਗੁਰਤੇਜ ਸਿੰਘ, ਪਿ੍ਰਤਪਾਲ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।