ਚੰਡੀਗੜ੍ਹ, 25 ਅਗਸਤ :
ਹੁਸ਼ਿਆਰਪੁਰ ਦੇ ਹਲਕਾ ਦਸੂਹਾ ਤੋਂ ਬਹਿਰੀਨ 'ਚ ਰੋਜ਼ੀ ਰੋਟੀ ਕਮਾਉਣ ਗਏ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮੰਗਲਵਾਰ ਨੂੰ ਇਹ ਖਬਰ ਮਿਲਦੇ ਹੀ ਪਿੰਡ ਦਵਾਖਰੀ 'ਚ ਸੋਗ ਦੀ ਲਹਿਰ ਫੈਲ ਗਈ। ਉਸਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਹਾਸਿਲ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਬਹਿਰੀਨ ਗਿਆ ਸੀ। ਬਹਿਰੀਨ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਫੋਨ 'ਤੇ ਦੱਸਿਆ ਕਿ ਅਮਰਜੀਤ ਸਿੰਘ ਉੱਥੋਂ ਟਰੱਕ ਲੈ ਕੇ ਸਾਊਦੀ ਅਰਬ ਨੂੰ ਗਿਆ ਅਤੇ ਰਸਤੇ 'ਚ ਉਸ ਦੀ ਖੜ੍ਹੇ ਟਰੱਕ 'ਚ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਸੂਚਨਾ ਮਿਲੀ। ਮ੍ਰਿਤਕ ਅਮਰਜੀਤ ਸਿੰਘ ਆਪਣੇ ਪਿੱਛੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰਜੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾਵੇ। (ਹਿੰ. ਸ.)