ਕੋਵਿਡ ਤੋਂ ਬਚਾਅ ਲਈ ਹਰ ਲਾਭਪਾਤਰੀ ਮੁਕੰਮਲ ਟੀਕਾਕਰਨ ਕਰਵਾਏ : ਸਿਵਲ ਸਰਜਨ
ਮੋਹਾਲੀ, 7 ਫ਼ਰਵਰੀ :ਦੇਸ਼ ਕਲਿੱਕ ਬਿਓਰੋ
‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ‘ਹਰ ਘਰ ਦਸਤਕ’ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਘਰ-ਘਰ ਜਾ ਕੇ ਕੋਵਿਡ-ਰੋਕੂ ਟੀਕਾਕਰਨ ਦਾ ਅਮਲ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਿਹਤ ਕਾਮੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਲਾਭਪਾਤਰੀਆਂ ਦੇ ਕੋਵਿਡ-ਰੋਕੂ ਟੀਕੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਇਹ ਯਕੀਨੀ ਕਰਨਾ ਹੈ ਕਿ ਕੋਈ ਵੀ ਲਾਭਪਾਤਰੀ ਕੋਵਿਡ ਟੀਕਾਕਰਨ ਤੋਂ ਵਾਂਝਾ ਨਾ ਰਹੇ ਤਾਕਿ ਕੋਵਿਡ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਬਚਾਅ ਹੋ ਸਕੇ। ਉਨ੍ਹਾਂ ਇਸ ਗੱਲ ’ਤੇ ਚਿੰਤਾ ਪ੍ਰਗਟ ਕੀਤੀ ਕਿ ਹਾਲੇ ਵੀ ਭਾਰੀ ਗਿਣਤੀ ਵਿਚ ਲੋਕ ਪਹਿਲਾਂ ਜਾਂ ਦੂਜਾ ਟੀਕਾ ਲਗਵਾਉਣ ਤੋਂ ਝਿਜਕ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਮੇ ਅਜਿਹੇ ਲੋਕਾਂ ਨੂੰ ਟੀਕਾਕਰਨ ਦੇ ਫ਼ਾਇਦੇ ਦਸਦੇ ਹਨ ਪਰ ਇਸ ਸਭ ਦੇ ਬਾਵਜੂਦ ਉਹ ਟੀਕਾਕਰਨ ਲਈ ਤਿਆਰ ਨਹੀਂ ਹੁੰਦੇ। ਉਨ੍ਹਾਂ ਦੁਹਰਾਇਆ ਕਿ ਮਹਾਂਮਾਰੀ ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਲਾਭਪਾਤਰੀ ਖ਼ਾਸਕਰ ਉਹ ਲੋਕ ਜਿਨ੍ਹਾਂ ਨੇ ਦੂਜਾ ਟੀਕਾ ਲਗਾਉਣ ਵਿਚ ਹਾਲੇ ਵੀ ਦੇਰ ਕਰ ਦਿਤੀ ਹੈ, ਮੁਕੰਮਲ ਟੀਕਾਕਰਨ ਕਰਵਾਏ। ਸਿਵਲ ਸਰਜਨ ਨੇ ਕਿਹਾ ਕਿ ਜੇ ਦੂਜਾ ਟੀਕਾ ਤੈਅ ਸਮੇਂ ’ਤੇ ਨਹੀਂ ਲਗਵਾਇਆ ਜਾਂਦਾ ਤਾਂ ਪਹਿਲਾ ਟੀਕਾ ਲਗਵਾਉਣ ਦਾ ਕੋਈ ਫ਼ਾਇਦਾ ਨਹੀਂ। ਜਦ ਦੋਵੇਂ ਟੀਕੇ ਲੱਗ ਜਾਂਦੇ ਹਨ, ਤਦ ਹੀ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੂਰੀ ਤਰ੍ਹਾਂ ਪੈਦਾ ਹੁੰਦੀ ਹੈ।
ਇਸ ਵੇਲੇ ਕੋਵੀਸ਼ੀਲਡ ਅਤੇ ਕੋਵੈਕਸੀਨ ਦਵਾਈ ਦੇ ਇੰਜੈਕਸ਼ਨ ਲਾਏ ਜਾ ਰਹੇ ਹਨ ਜਦਕਿ ਸਪੂਤਨਿਕ ਦਵਾਈ ਸਿਰਫ਼ ਪ੍ਰਾਈਵੇਟ ਹਸਪਤਾਲਾਂ ਵਿਚ ਉਪਲਭਧ ਹੈ। ਵੱਖ-ਵੱਖ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਇਸ ਵੇਲੇ 15 ਤੋਂ 18 ਸਾਲ ਤਕ ਦੇ ਨੌਜਵਾਨਾਂ, 18 ਸਾਲ ਤੋਂ ਉਪਰਲੇ ਵਿਅਕਤੀਆਂ ਦੇ ਟੀਕਾਕਰਨ ਤੋਂ ਇਲਾਵਾ 60 ਸਾਲ ਤੋਂ ਉਪਰਲੇ ਵਿਅਕਤੀਆਂ, ਫ਼ਰੰਟ ਲਾਈਨ ਕਾਮਿਆਂ ਅਤੇ ਸਿਹਤ ਕਾਮਿਆਂ ਨੂੰ ਬੂਸਟਰ ਡੋਜ਼ ਦਿਤੀ ਜਾ ਰਹੀ ਹੈ।
ਡਾ. ਆਦਰਸ਼ਪਾਲ ਕੌਰ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਪੂਰੀ ਜੱਦੋਜਹਿਦ ਕਰ ਰਿਹਾ ਹੈ ਪਰ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਸਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫ਼ੋਟੋ ਕੈਪਸ਼ਨ : ਵੱਖ-ਵੱਖ ਥਾਈਂ ਘਰ-ਘਰ ਜਾ ਕੇ ਟੀਕਾਕਰਨ ਕਰਦੇ ਹੋਏ ਸਿਹਤ ਕਾਮੇ।