ਲੁਧਿਆਣਾ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਬੀਤੇ ਦਿਨੀਂ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲੀ ਗੋਲੀ ਦੇ ਮਾਮਲੇ ਵਿੱਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਤਜੀਤ ਸਿੰਘ ਬੈਂਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਸ ਹਲਕੇ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ ਸੀ, ਇਸ ਦੌਰਾਨ ਗੋਲੀ ਵੀ ਚੱਲੀ ਸੀ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ। ਉਨ੍ਹਾਂ ਦੀ ਸ਼ਿਕਾਇਤ ਉਤੇ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।
ਸਿਮਰਜੀਤ ਬੈਂਸ ਜਦੋਂ ਅੱਜ ਅਦਾਲਤ ਵਿੱਚ ਵਕੀਲਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਤਾਂ ਪੁਲਿਸ ਨੇ ਪਹਿਲਾਂ ਬਾਰ ਰੂਮ ਵਿਚੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਵਕੀਲਾਂ ਦੇ ਵਿਰੋਧ ਕਾਰਨ ਉਥੋਂ ਗ੍ਰਿਫਤਾਰ ਨਾ ਕਰ ਸਕੀ। ਜਦੋਂ ਉਹ ਬਾਰ ਰੂਮ ਵਿੱਚੋਂ ਬਾਹਰ ਨਿਕਲੇ ਤਾਂ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਬੈਂਸ ਨੇ ਦੋਸ਼ ਲਗਾਇਆ ਕਿ ਕਾਂਗਰਸ ਵੱਲੋਂ ਉਨ੍ਹਾਂ ਉਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ।