ਚੰਡੀਗੜ੍ਹ/12 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਤੇ ਚਰਚਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਪਟੀਸ਼ਨਰ ਵਕੀਲ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਵਿੱਚ ਉਸ ਨੇ ਵਕੀਲਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਅਜਿਹੇ 'ਚ ਉਨ੍ਹਾਂ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਅਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ।
ਦੋਸ਼ ਅਨੁਸਾਰ ਉਹ ਗੀਤ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਵੱਲ ਲੁਭਾਉਂਦਾ ਹੈ। ਮੂਸੇਵਾਲਾ 'ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। ਗੀਤ 'ਚ ਉਹ ਗਾਲੀ-ਗਲੋਚ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ। ਮੂਸੇਵਾਲਾ ਦੇ ਖ਼ਿਲਾਫ਼ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ।