ਪਿੰਡ ਵਾਸੀ ਕਾਤਲਾਂ ਖਿਲਾਫ ਕਾਰਵਾਈ ਨੂੰ ਲੈ ਕੇ ਵੋਟਾਂ ਨਾ ਪਾਉਣ ‘ਤੇ ਅੜੇ
ਡੇਰਾ ਬਾਬਾ ਨਾਨਕ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਅੱਜ ਐਤਵਾਰ ਸਵੇਰੇ 6 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਨਾਨਕ ਸਿੰਘ ਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਘਟਨਾ ਸਥਾਨ 'ਤੇ ਪੁੱਜੇ। ਰਵਿਦਾਸ ਭਵਨ ਦੇ ਪੁਜਾਰੀ ਦਾ ਕਤਲ ਹੋਣ 'ਤੇ ਪਿੰਡ ਭੋਜਰਾਜ ਦੇ ਵੋਟਰਾਂ ਵੱਲੋਂ ਵੋਟਿੰਗ ਨਾ ਕਰਨ ਦਾ ਫੈਸਲਾ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਹ ਵੋਟ ਨਹੀਂ ਪਾਉਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਗੁਰੂ ਰਵਿਦਾਸ ਭਵਨ ਦੇ ਅਹੁਦੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਅੱਜ ਤੜਕਸਾਰ ਜਦੋਂ ਪੁਜਾਰੀ ਥੁੜੂ ਰਾਮ ਮੰਦਿਰ ਵਿਚ ਪੂਜਾ ਪਾਠ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਜਾਰੀ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਸੂਚਨਾ ਮਿਲਦਿਆਂ ਹੀ ਐੱਸਐੱਸਪੀ ਨਾਨਕ ਸਿੰਘ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਮੌਕੇ 'ਤੇ ਪੁੱਜੇ ਹਨ।ਪੁਲਿਸ ਵੱਲੋਂ ਪੁਜਾਰੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤਕ ਪਿੰਡ ਦੇ ਲੋਕ ਵੋਟਾਂ ਨਹੀਂ ਪਾਉਣਗੇ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਪਾਉਣ ਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।