ਹਿਮਾਚਲ ਸਰਕਾਰ ਤੁਰੰਤ ਅਜਿਹਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰੇ: ਸੋਢੀ
ਚੰਡੀਗੜ੍ਹ, 19 ਮਾਰਚ 2022: ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਦੋਪਹੀਆ ਵਾਹਨਾਂ `ਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਵਾਲੇ ਦੀ ਫੋਟੋ ਵਾਲੇ ਅਤੇ ਕੇਸਰੀ ਨਿਸ਼ਾਨ ਸਾਹਿਬ ਦੇ ਝੰਡੇ ਲਗਾ ਕੇ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੀਤੀ ਜਾ ਰਹੀ ਬਦਸਲੂਕੀ ਤੇ ਵਾਹਨਾਂ `ਤੇ ਲੱਗੇ ਝੰਡਿਆਂ ਨੂੰ ਜਬਰਦਸਤੀ ਲਹਾਉਣ `ਤੇ ਹਿਮਾਚਲ ਪੁਲਿਸ ਦੀ ਸਖਤ ਨਿੰਦਾ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਵਾਹਨਾਂ `ਤੇ ਕੇਸਰੀ ਨਿਸ਼ਾਨ ਸਾਹਿਬ ਲਗਾਉਣ ਦਾ ਮਕਸੱਦ ਇਨਾ ਹੀ ਹੁੰਦਾ ਹੈ ਕਿ ਉਹ ਧਾਰਮਿਕ ਯਾਤਰਾ `ਤੇ ਜਾ ਰਹੇ ਹਨ ਅਤੇ ਇਸ ਦੇ ਪਿੱਛੇ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ।
ਸੋਢੀ ਨੇ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਇਆ ਕਿ ਹਿਮਾਚਲ ਪ੍ਰਦੇਸ਼ ਦੇ ਮਣੀਕਰਣ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਦੋਪਹੀਆ ਵਾਹਨਾਂ `ਤੇ ਜਾ ਰਹੇ ਸਿੱਖ ਸ਼ਰਧਾਲੂਆਂ ਵੱਲੋਂ ਆਪਣੇ ਵਾਹਨਾਂ `ਤੇ ਲਗਾਏ ਗਏ ਨਿਸ਼ਾਨ ਸਾਹਿਬ ਦੇ ਝੰਡੇ ਨੂੰ ਹਿਮਾਚਲ ਪੁਲਿਸ ਵੱਲੋਂ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਜਬਰਦਸਤੀ ਨਿਸ਼ਾਨ ਸਾਹਿਬ ਦਾ ਝੰਡਾ ਉਤਾਰਣ ਲਈ ਅਖਿਆ ਗਿਆ। ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਮੁੱਚੇ ਦੇਸ਼ ਸਣੇ ਹਿਮਾਚਲ ਵਿੱਚ ਸਿੱਖ ਗੁਰੂਧਾਮਾਂ `ਤੇ ਸਿੱਖ ਸ਼ਰਧਾਲੂ ਪੂਰੀ ਸ਼ਰਧਾ ਨਾਲ ਜਾਂਦੇ ਹਨ ਅਜਿਹੇ ਵਿੱਚ ਹਿਮਾਚਲ ਪੁਲਿਸ ਵੱਲੋਂ ਵਾਹਨਾਂ ਤੋਂ ਝੰਡੇ ਲਹਾਉਣ ਕਾਰਨ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸੋਢੀ ਨੇ ਹਿਮਾਚਲ ਸਰਕਾਰ ਨੂੰ ਤੁਰੰਤ ਅਜਿਹੇ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁਧ ਕਾਰਵਾਈ ਕਰਨ ਅਤੇ ਪੁਲਿਸ ਨੂੰ ਇਸ ਸਬੰਧੀ ਹਦਾਇਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਸਿੱਖ ਸੰਗਤ ਪੂਰੇ ਉਤਸਾ਼ਹ ਅਤੇ ਗੁਰੂਧਾਮਾਂ ਦੇ ਦਰਸ਼ਨ ਕਰ ਸਕੇ।