ਡਿਪਟੀ ਕਮਿਸ਼ਨਰ ਵੱਲੋਂ ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ
ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਟੀਕਾਕਰਨ ਦੀ ਪ੍ਰਗਤੀ ਦੀ ਸਮੀਖਿਆ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਮਾਰਚ, 2022: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੋਵਿਡ ਟੀਕਾਕਰਨ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਪ੍ਰਤੀ ਲਾਪਰਵਾਹੀ ਵਾਲਾ ਵਤੀਰਾ ਅਪਣਾਉਣ ਦੀ ਥਾਂ ’ਤੇ ਕੋਵਿਡ ਟੀਕਾਕਰਨ ਕਰਵਾ ਕੇ ਆਪਣੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਸਮਾਜਿਕ ਹਿੱਤਾਂ ਨੂੰ ਪ੍ਰਮੁੱਖਤਾ ਦਿੰਦਿਆਂ ਅਤੇ ਸਕੂਲਾਂ, ਕਾਲਜਾਂ ਸਮੇਤ ਹੋਰ ਵਿਦਿਅਕ ਅਦਾਰਿਆਂ ਵਿੱਚ ਪੜ ਰਹੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਹਰੇਕ ਵਿਦਿਅਕ ਅਦਾਰੇ ਦੇ ਪ੍ਰਿੰਸੀਪਲ, ਅਧਿਆਪਕ ਅਤੇ ਖਾਸ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤਵੱਜੋਂ ਦੇ ਕੇ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ’ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਟੀਕਾਕਰਨ ਦੀ ਪ੍ਰਗਤੀ ਬਾਰੇ ਜਾਇਜ਼ਾ ਲਿਆ ਜਾਵੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਜਿਨਾਂ ਦੀ ਉਮਰ 14 ਸਾਲ ਤੋਂ ਵੱਧ ਹੈ, ਉਨਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਜਿਹੜੇ ਸਕੂਲੀ ਵਿਦਿਆਰਥੀਆਂ ਦੇ ਟੀਕਾਕਰਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੋਵੇ ਅਤੇ ਉਨਾਂ ਦੀ ਨਿਯਮਾਂ ਮੁਤਾਬਕ ਦੂਜੀ ਡੋਜ਼ ਬਕਾਇਆ ਹੋਵੇ ਤਾਂ ਅਜਿਹੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਦੀ ਦੂਜੀ ਡੋਜ਼ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀ ਲਤੀਫ਼ ਅਹਿਮਦ, ਐੱਸ.ਡੀ.ਐੱਮ ਸੁਨਾਮ ਸ਼੍ਰੀ ਜਸਪ੍ਰੀਤ ਸਿੰਘ, ਐੱਸ.ਡੀ.ਐੱਮ ਧੂਰੀ ਸ਼੍ਰੀਮਤੀ ਇਸਮਤ ਵਿਜੇ ਸਿੰਘ, ਐੱਸ.ਡੀ.ਐੱਮ ਦਿੜਬਾ ਸ਼੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ਼੍ਰੀ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੋਂ ਇਲਾਵਾ ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।