ਚੰਡੀਗੜ੍ਹ/25 ਮਾਰਚ/ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਹਾਰਨ ਵਾਲੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿੱਧੂ ਖਿਲਾਫ ਰੋਡ ਰੇਜ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 2 ਵਜੇ ਸੁਪਰੀਮ ਕੋਰਟ 'ਚ ਹੋਵੇਗੀ। 1988 'ਚ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਝਗੜਾ ਹੋਇਆ ਸੀ। ਜਿਸ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਸ ਮਾਮਲੇ 'ਚ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਦੇ ਪੀੜਤ ਧਿਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ।ਇਸ ਦੇ ਜਵਾਬ 'ਚ ਸਿੱਧੂ ਨੇ ਕ੍ਰਿਕਟ ਅਤੇ ਰਾਜਨੀਤੀ 'ਚ ਆਪਣੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।ਪਟੀਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਸੀ ਕਿ ਪਿਛਲੇ 3 ਦਹਾਕਿਆਂ ਤੋਂ ਉਨ੍ਹਾਂ ਦਾ ਸਿਆਸੀ ਅਤੇ ਖੇਡ ਕੈਰੀਅਰ ਬੇਦਾਗ ਰਿਹਾ ਹੈ। ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਨਾ ਸਿਰਫ਼ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਸਗੋਂ ਇੱਕ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ। ਉਸ ਨੇ ਲੋਕਾਂ ਦੇ ਭਲੇ ਲਈ ਕਈ ਕੰਮ ਕੀਤੇ ਹਨ। ਉਸ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਸ ਨੂੰ ਦਿੱਤੀ ਗਈ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ।