ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਮੁੜ ਅਪੀਲ
ਮੋਹਾਲੀ, 29 ਮਾਰਚ : ਦੇਸ਼ ਕਲਿੰਕ ਬਿਓਰੋ
ਕੁੱਝ ਦੇਸ਼ਾਂ ਵਿਚ ਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਿਹਤ ਮਾਹਰਾਂ ਵਲੋਂ ਕੋਵਿਡ-19 ਦੀ ਚੌਥੀ ਲਹਿਰ ਦੀ ਆਮਦ ਦਾ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਇਸ ਲਈ ਕੋਵਿਡ-19 ਤੋਂ ਬਚਾਅ ਲਈ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿਚ 12 ਸਾਲ ਤੋਂ ਉਪਰਲਾ ਹਰ ਵਿਅਕਤੀ ਸ਼ਾਮਲ ਹੈ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਕੋਵਿਡ ਪਾਬੰਦੀਆਂ ਹਟਾਏ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਹਮੇਸ਼ਾ ਲਈ ਖ਼ਤਮ ਹੋ ਗਈ ਹੈ ਕਿਉਂਕਿ ਵਿਸ਼ਵ ਸਿਹਤ ਸੰਸਥਾ ਨੇ ਇਸ ਬੀਮਾਰੀ ਦੇ ਖ਼ਾਤਮੇ ਦਾ ਹਾਲੇ ਕੋਈ ਐਲਾਨ ਨਹੀਂ ਕੀਤਾ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਵਾਂਗ ਜਾਰੀ ਹੈ। ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ।
ਇਸ ਤੋਂ ਇਲਾਵਾ, ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।