ਕਾਂਗਰਸੀਆਂ ਨੇ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਲੋਕਾਂ ਦੀ ਦਖਲਅੰਦਾਜ਼ੀ ਨੂੰ ਦੱਸਿਆ ਅਸਹਿ,CM ਮਾਨ ਤੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ/12 ਅਪ੍ਰੈਲ/ਦੇਸ਼ ਕਲਿਕ ਬਿਊਰੋ:
ਬੀਤੇ ਕੱਲ੍ਹ ਦਿੱਲੀ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਊਰਜਾ ਸਕੱਤਰ ਦਲੀਪ ਕੁਮਾਰ ਅਤੇ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਮੁਫ਼ਤ ਬਿਜਲੀ ਦੇਣ ਸਬੰਧੀ ਗੱਲਬਾਤ ਹੋਈ ਸੀ। ਪਰ ਹੈਰਾਨੀ ਦੀ ਗੱਲ ਹੈ ਕਿ ਇਸ ਮੀਟਿੰਗ ਵਿੱਚ ਨਾ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਾ ਹੀ ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਹਾਜ਼ਰ ਸਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਮੁਫਤ ਬਿਜਲੀ ਦੇਣ ਦੇ ਫੈਸਲੇ ਨੂੰ ਲੈ ਕੇ ਦਿੱਲੀ ਵਿਖੇ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਪੰਜਾਬ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਦਾ ਕੋਈ ਵੀ ਵੱਡਾ ਆਗੂ ਸ਼ਾਮਲ ਨਹੀਂ ਹੋਇਆ ਪਰ ਦਿੱਲੀ ਦੇ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਜ਼ਰੂਰ ਹਾਜ਼ਰ ਸਨ।ਦਿੱਲੀ 'ਚ ਹੋਈ ਮੀਟਿੰਗ 'ਤੇ ਕਾਂਗਰਸ ਨੇ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਕੱਲ੍ਹ ਖੁਦ ਹਾਈਕਮਾਂਡ ਨਾਲ ਮੀਟਿੰਗ ਕਰਨ ਲਈ ਦਿੱਲੀ ਗਏ ਸਨ, ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ 'ਤੇ ਲਿਖਿਆ ਹੈ ਕਿ ਬਿਜਲੀ ਦੇ ਮੁੱਦੇ 'ਤੇ ਦਿੱਲੀ 'ਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ 'ਚ ਨਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਾ ਹੀ ਸੂਬੇ ਦੇ ਊਰਜਾ ਮੰਤਰੀ ਹਰਭਜਨ ਸਿੰਘ ਮੌਜੂਦ ਸਨ। ਉਨ੍ਹਾਂ ਕਿਹਾ ਕਿ ਕੀ ਪੰਜਾਬ ਸਰਕਾਰ ਕਠਪੁਤਲੀ ਹੈ, ਇਹ ਦਿੱਲੀ ਤੋਂ ਚੱਲੇਗੀ।ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਲੀ 'ਚ ਹੋਈ ਪੰਜਾਬ ਅਧਿਕਾਰੀਆਂ ਦੀ ਮੀਟਿੰਗ 'ਤੇ ਸਵਾਲ ਉਠਾਏ ਜਾਣ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਆਪਣੇ ਦਿੱਤੇ ਟਵੀਟ ਨੂੰ ਵੀ ਟੈਗ ਕੀਤਾ ਅਤੇ ਭਗਵੰਤ ਮਾਨ ਨੂੰ ਇਸ ਦਾ ਜਵਾਬ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਮਲਿਆਂ ਵਿੱਚ ਬਾਹਰੀ ਲੋਕਾਂ ਦੀ ਦਖਲਅੰਦਾਜ਼ੀ ਅਸਹਿ ਹੈ। ਉਨ੍ਹਾਂ ਭਗਵੰਤ ਮਾਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ।