ਨਵੀਂ ਦਿੱਲੀ: 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਅੱਜ ਦਿੱਲੀ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਸੁਨੀਲ ਜਾਖੜ ਦੇ ਬਿਆਨਾਂ ਬਾਰੇ ਚਰਚਾ ਹੋਈ ਅਤੇ ਕਮੇਟੀ ਵੱਲੋਂ ਆਪਣੀ ਰਾਇ ਸੋਨੀਆਂ ਗਾਂਧੀ ਨੂੰ ਭੇਜ ਦਿੱਤੀ ਹੈ ਜਿਸ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲਾਂ ਲਈ ਮੁਅੱਤਲ ਕਰਨ ਦੀ ਸਿਫਾਰਸ਼ ਭੇਜੀ ਗਈ ਹੈ। ਹੁਣ ਸੋਨੀਆਂ ਗਾਂਧੀ ਹੀ ਇਸ ਬਾਰੇ ਫੈਸਲਾ ਲੈਣਗੇ। ਸਾਬਕਾ ਸੀਐਮ ਚਰਨਜੀਤ ਚੰਨੀ ਬਾਰੇ ਦਿੱਤੇ ਬਿਆਨ ਲਈ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਂਡ ਅੱਗੇ ਝੁਕਣਗੇ ਨਹੀਂ। ਹਾਲਾਂਕਿ ਜਾਖੜ 'ਤੇ ਕਾਰਵਾਈ ਨਾਲ ਕਾਂਗਰਸ 'ਚ ਕਲੇਸ਼ ਹੋਰ ਤੇਜ਼ ਹੋ ਸਕਦਾ ਹੈ।ਉਨ੍ਹਾਂ ਵਾਂਗ ਨਵਜੋਤ ਸਿੱਧੂ ਸਮੇਤ ਕਈ ਨੇਤਾ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਸੁਨੀਲ ਜਾਖੜ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਦੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਸੀ। ਦੂਜੇ ਪਾਸੇ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਸ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ। ਜਾਖੜ ਦਾ ਤਰਕ ਹੈ ਕਿ ਉਨ੍ਹਾਂ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਦਾ ਸਾਥ ਦਿੱਤਾ ਹੈ। ਉਨ੍ਹਾਂ ਕਦੇ ਵੀ ਹਾਈਕਮਾਂਡ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕੀਤੀ।
(advt53)