ਮਲੇਰੀਆ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਡਾ. ਅਲਕਜੋਤ ਕੌਰ
ਬੂਥਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਸਿਹਤ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖ਼ਿਜ਼ਰਾਬਾਦ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ। ਰੈਲੀ ਨੂੰ ਰਵਾਨਾ ਕਰਨ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਕਿਹਾ ਕਿ ਸੂਬੇ ਨੂੰ ਮਲੇਰੀਆ ਦੀ ਬੀਮਾਰੀ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਉਹ ਨਿਰੰਤਰ ਸਰਗਰਮ ਹਨ ਜਿਸ ਲਈ ਲੋਕਾਂ ਨੂੰ ਵੀ ਸਿਹਤ ਵਿਭਾਗ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਵੀ ਕੋਰੋਨਾ ਵਾਇਰਸ ਵਾਂਗ ਹੀ ਜਾਨਲੇਵਾ ਹੈ ਅਤੇ ਇਸ ਪ੍ਰਤੀ ਵੀ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਸਿਹਤ ਅਧਿਕਾਰੀ ਨੇ ਆਖਿਆ ਕਿ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਇਸ ਬੀਮਾਰੀ ਦੇ ਲੱਛਣਾਂ, ਕਾਰਨਾਂ, ਇਲਾਜ ਅਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਮਲੇਰੀਆ ਬਾਰੇ ਜਾਗਰੂਕਤਾ ਅਤੇ ਸਾਵਧਾਨੀਆਂ ਇਸ ਗੰਭੀਰ ਬੁਖ਼ਾਰ ਤੋਂ ਬਚਾਅ ਕਰ ਸਕਦੀਆ ਹਨ।
ਡਾ. ਅਲਕਜੋਤ ਕੌਰ ਨੇ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇਕਬਾਲ ਕੌਰ, ਅਧਿਆਪਕ ਲਖਵੀਰ ਸਿੰਘ ਤੇ ਸਰਬਜੀਤ ਸਿੰਘ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਜਗਤਾਰ ਸਿੰਘ, ਪ੍ਰਿਤਪਾਲ ਸਿੰਘ, ਅਮਰਵੀਰ ਕੌਰ, ਗੁਰਪ੍ਰੀਤ ਸਿੰਘ ਅਤੇ ਆਸ਼ਾ ਵਰਕਰ ਤੇ ਹੋਰ ਮੁਲਾਜ਼ਮ ਮੌਜੂਦ ਸਨ।