*ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲੈਣ ਦੀ ਲੋੜ
ਮਾਨਸਾ 17 ਮਈ :ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਅੱਜ-ਕੱਲ ਦੀ ਭੱਜ-ਦੌੜ ਦੀ ਜ਼ਿੰਦਗੀ ਅਤੇ ਖਾਣ-ਪੀਣ ਦੇ ਬਦਲਾਅ ਕਾਰਨ ਛੋਟੀ ਉਮਰ ਦੇ ਵਿਅਕਤੀ ਵੀ ਹਾਈ ਬਲੱਡ ਪ੍ਰੈਸ਼ਰ ਦੇ ਸ਼ਿਕਾਰ ਹੋ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਸ਼ਹਿਰਾਂ ਅਤੇ ਪਿੰਡਾਂ ਅੰਦਰ ਲੋਕਾਂ ਨੂੰ ਹਾਈ ਬਲੱਡ ਪ੍ਰੈਸਰ ਦੇ ਬਚਾਅ ਅਤੇ ਮੁੱਢਲੇ ਇਲਾਜ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਪਿੰਡ ਪੱਧਰ ’ਤੇ ਬਣੇ ਹੈਲਥ ਐਂਡ ਵੈਲਨੈਸ ਸੈਂਟਰ ਵਿਖੇ ਮੁਫ਼ਤ ਦਵਾਈਆਂ, ਟੈਸਟ ਆਦਿ ਦੀ ਸੁਵਿਧਾ ਉਪਲੱਬਧ ਹੈ, ਜਿਸਦਾ ਹਰੇਕ ਨਾਗਰਿਕ ਨੂੰ ਲਾਭ ਲੈਣਾ ਚਾਹੀਦਾ ਹੈ।
ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਘਰ ਦਾ ਬਣਿਆ ਸਾਦਾ ਅਤੇ ਸੰਤੁਲਿਤ ਆਹਾਰ ਖਾਣਾ ਚਾਹੀਦਾ ਹੈ, ਤਾਂ ਜੋ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਬਿਮਾਰੀ ’ਤੇ ਕਾਬੂ ਪਾਉਣ ਲਈ ਸਾਨੂੰ ਰੋਜ਼ਾਣਾ ਯੋਗਾ, ਕਸਰਤ ਅਤੇ ਸਾਇਕਲ ਚਲਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਬਲੱਡ ਪ੍ਰੈਸਰ ਤੋਂ ਬਚਣ ਲਈ ਸਾਨੂੰ ਖੁਰਾਕ ਅਤੇ ਰਹਿਣ-ਸਹਿਣ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਤੰਬਾਕੂ ਅਤੇ ਸ਼ਰਾਬ ਦਾ ਸੇਵਨ ਸਿਹਤ ਲਈ ਬਹੁਤ ਹਾਨੀਕਾਰਕ ਹੈ ਅਤੇ ਇਨਾਂ ਦਾ ਸਿੱਧਾ ਅਸਰ ਫੇਫੜਿਆਂ ’ਤੇ ਪੈਂਦਾ ਹੈ। ਉਨਾਂ ਦੱਸਿਆ ਕਿ ਤੰਬਾਕੂ ਤੇ ਸ਼ਰਾਬ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਵੀ ਵਧਦਾ ਹੈ। ਸਿਹਤ ਵਿਭਾਗ ਵੱਲੋਂ ਐੱਨ.ਸੀ.ਡੀ. ਪ੍ਰੋਗਰਾਮ ਦੇ ਤਹਿਤ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਹੈਲਥ ਐਂਡ ਵੈਲਨੈੱਸ ਸੈਂਟਰ ਪੱਧਰ ’ਤੇ ਕੀਤੀ ਜਾਂਦੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਾਰਨ ਬਲੱਡ ਪ੍ਰੈਸ਼ਰ ਵਧਦਾ ਹੈ, ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਰੋਜ਼ਾਨਾ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਵਾਇਆ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਬਲੱਡ ਪ੍ਰੈਸ਼ਰ ਜ਼ਿਆਦਾ ਆਉਂਦਾ ਹੈ, ਤਾਂ ਹੈਲਥ ਐਂਡ ਵੈਲਨੈਂਸ ਸੈਂਟਰ ਵੱਲੋਂ ਹਰ ਮਹੀਨੇ ਦੀ ਬਲੱਡ ਪ੍ਰੈਸ਼ਰ ਦੀ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਆਪਣਾ ਬਲੱਡ ਪ੍ਰੈਸ਼ਰ ਸਮੇਂ-ਸਮੇਂ ਤੇ ਚੈੱਕ ਕਰਨਾ ਚਾਹੀਦਾ ਹੈ ਅਤੇ ਦਵਾਈ ਲਗਾਤਾਰ ਖਾਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਨੂੰ ਹਾਰਟ ਅਟੈਕ, ਸਟਰੋਕ, ਕਿਡਨੀ ਜਾਂ ਸਰੀਰ ਦੇ ਕਿਸੇ ਹੋਰ ਅੰਗ ’ਤੇ ਅਸਰ ਨਾ ਪੈ ਸਕੇ।
ਇਸ ਮੌਕੇ ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਅਫਸਰ, ਵਿਜੇ ਕੁਮਾਰ, ਦਰਸ਼ਨ ਸਿੰਘ, ਰਾਜਬੀਰ ਕੌਰ ਤੋਂ ਇਲਾਵਾ ਜ਼ਿਲੇ ਦੀਆਂ ਸਮੂਹ ਸੀ.ਐਚ.ਓ., ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।