ਨਵੀਂ ਦਿੱਲੀ/19 ਜੂਨ/ਦੇਸ਼ ਕਲਿਕ ਬਿਊਰੋ:
ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਨੀਵਾਰ ਨੂੰ ਦੇਸ਼ ਵਿੱਚ 12,805 ਨਵੇਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਦੇਸ਼ ਵਿੱਚ 13,079 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ 12,847 ਮਾਮਲੇ ਸਾਹਮਣੇ ਆਏ ਸਨ। 13 ਤੋਂ 17 ਜੂਨ ਤੱਕ ਦੇਸ਼ ਵਿੱਚ 50 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੇਰਲ ਅਤੇ ਮਹਾਰਾਸ਼ਟਰ ਵਿੱਚ ਕਰੋਨਾ ਇਨਫੈਕਸ਼ਨ ਤੇਜ਼ੀ ਨਾਲ ਵਧਿਆ ਹੈ। ਇੱਥੇ 3000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਜੇਕਰ ਅਸੀਂ ਮਰਨ ਵਾਲਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 15 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਤੋਂ ਪਹਿਲਾਂ 17 ਜੂਨ ਨੂੰ ਕੋਰੋਨਾ ਵਾਇਰਸ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ, ਦੇਸ਼ ਵਿੱਚ ਸਰਗਰਮ ਮਾਮਲਿਆਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 71,022 ਹੋ ਗਈ ਹੈ, ਇਹ ਅੰਕੜਾ ਇੱਕ ਦਿਨ ਪਹਿਲਾਂ 66,701 ਸੀ।