ਦਲਜੀਤ ਕੌਰ ਭਵਾਨੀਗੜ੍ਹ
ਕੌਹਰੀਆਂ/ਸੰਗਰੂਰ, 30 ਜੂਨ, 2022: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਆਂਗਨਵਾੜੀ ਕੇਂਦਰਾਂ ‘ਚ ਰਜਿਸਟਰਡ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸਦੇ ਚੱਲਦਿਆਂ ਹੀ ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਜ਼ਿਲ੍ਹਾ ਸੰਗਰੂਰ ਦੇ ਪਿੰਡ ਰੋਗਲਾ ਦੀ ਬੱਚੀ ਹਰਲੀਨ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾ. ਸਤਿੰਦਰ ਕੌਰ ਨੇ ਦਿੱਤੀ।
ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕ੍ਰਾਇਆਕ੍ਰਮ (ਆਰ.ਬੀ.ਐਸ.ਕੇ.) ਤਹਿਤ 11 ਮਹੀਨਿਆਂ ਦੀ ਹਰਲੀਨ ਕੌਰ ਦਾ ਸੂਬੇ ਦੇ ਫੋਰਟਿਸ ਹਸਪਤਾਲ ਮੁਹਾਲੀ ਤੋਂ ਦਿਲ ਦੇ ਛੇਕ ਦਾ ਸਫ਼ਲ ਅਪਰਸ਼ੇਨ ਕਰਵਾਇਆ ਗਿਆ ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਇਸ ਬੱਚੀ ਦੀ ਪ੍ਰਾਇਮਰੀ ਰਿਪੋਰਟ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦਾ ਖਰਚਾ ਆਰ.ਬੀ.ਐਸ.ਕੇ. ਤਹਿਤ ਸਰਕਾਰ ਵੱਲੋਂ ਕੀਤਾ ਗਿਆ ਹੈ ਤੇ ਮਰੀਜ਼ ਦਾ ਇਕ ਰੁਪਇਆ ਵੀ ਖਰਚ ਨਹੀਂ ਹੋਇਆ। ਬੱਚੀ ਦੇ ਪਿਤਾ ਹਰਜੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਯੋਜਨਾ ਬੱਚੇ ਲਈ ਨਵਾਂ ਜੀਵਨ ਲੈ ਕੇ ਆਈ ਹੈ। ਉਸ ਦਾ ਇਲਾਜ ਬਿਲਕੁਲ ਮੁਫ਼ਤ ਹੋਇਆ ਹੈ ਜਦਕਿ ਪ੍ਰਾਈਵੇਟ ਤੌਰ ’ਤੇ ਇਸ ਦਾ ਇਲਾਜ ਬਹੁਤ ਮਹਿੰਗਾ ਸੀ ਜੋ ਕਿ ਉਨ੍ਹਾਂ ਦੀ ਸਮਰੱਥਾ ਤੋਂ ਬਾਹਰ ਦੀ ਗੱਲ ਸੀ।
ਆਰ.ਬੀ.ਐਸ.ਕੇ. ਟੀਮ ਦੇ ਡਾ.ਵਰਿੰਦਰ ਕੁਮਾਰ ਅਤੇ ਡਾ. ਕਨਿਕਾ ਬੱਗਾ ਨੇ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਸੂਬਾ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਆਂਗਨਵਾੜੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਜਨਮ ਜਾਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਮੰਦਬੁੱਧੀ, ਬੋਲਣ ਵਿੱਚ ਦੇਰੀ, ਦੰਦਾਂ ਦੀਆਂ ਬਿਮਾਰੀਆਂ, ਟੇਢੇ ਪੈਰ, ਰੀੜ੍ਹ ਦੀ ਹੱਡੀ ਵਿਚ ਸੋਜ਼ ਸਮੇਤ 31 ਬਿਮਾਰੀਆਂ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੱਡੇ ਆਪ੍ਰੇਸ਼ਨਾਂ ਲਈ ਪੰਜਾਬ ਦੇ ਸਰਕਾਰੀ ਤੇ ਨਾਮੀ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।