ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ/ਕੌਹਰੀਆਂ, 5 ਜੁਲਾਈ, 2022: ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਪੀ ਐਚ ਸੀ ਕੌਹਰੀਆਂ ਸਮੇਤ ਵੱਖ ਵੱਖ ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਵੱਖ ਵੱਖ ਸੰਸਥਾਵਾਂ ਦੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਾ. ਸਿੰਗਲਾ ਨੇ ਡਾਕਟਰੀ ਸਟਾਫ਼ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਮਰੀਜ਼ਾਂ ਨੂੰ ਹਸਪਤਾਲ ਕੋਲ ਉਪਲੱਬਧ ਦਵਾਈਆਂ ਦੀ ਸਪਲਾਈ ਪਹਿਲਾਂ ਦੇ ਆਧਾਰ 'ਤੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਸਿਹਤ ਬੀਮਾ ਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਐਮ ਸੀ ਐਚ ਤੋਂ ਇਲਾਵਾ ਹੋਰਨਾਂ ਵਿਭਾਗਾਂ ਦਾ ਵੀ ਨਿਰੀਖਣ ਕੀਤਾ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਵੱਲੋਂ ਓ ਓ ਏ ਟੀ ਕੇਂਦਰ ਦਾ ਦੌਰਾ ਵੀ ਕੀਤਾ ਜਿੱਥੇ ਉਨ੍ਹਾਂ ਸਮੁੱਚੀ ਇਲਾਜ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਓ ਓ ਏ ਟੀ ਕੇਂਦਰ ਬਹੁਤ ਲਾਹੇਵੰਦ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨੇ ਕੇਂਦਰਾਂ ‘ਚ ਮਾਹਿਰ ਡਾਕਟਰਾਂ ਅਤੇ ਕੌਂਸਲਰਾਂ ਦੀ ਮੱਦਦ ਨਾਲ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕੋਵਿਡ ਵੈਕਸੀਨੇਸ਼ਨ ‘ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਸਮੁੱਚੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ, ਐੱਸ ਪੀ ਓ ਅਸ਼ੋਕ ਕੁਮਾਰ, ਪੀ ਓ ਨਰਿੰਦਰ ਹਾਜ਼ਰ ਸਨ।