ਚੰਡੀਗੜ੍ਹ,19 ਜੁਲਾਈ,ਦੇਸ਼ ਕਲਿਕ ਬਿਊਰੋ:
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।ਮਾਨ ਨੇ ਕੁਝ ਦਿਨ ਪਹਿਲਾਂ ਕਰਨਾਲ 'ਚ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਮਾਨ ਖਿਲਾਫ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਪਾਰਲੀਮੈਂਟ ਸਟਰੀਟ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿੱਚ ਮਾਨ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਟੀਨਾ ਕਪੂਰ ਨੇ ਕਿਹਾ ਕਿ ਉਹ 15 ਦਿਨਾਂ ਤੱਕ ਇੰਤਜ਼ਾਰ ਕਰੇਗੀ। ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਉਹ ਇਸਦੇ ਖਿਲਾਫ ਅਦਾਲਤ ਵਿੱਚ ਜਾਵੇਗੀ।ਸ਼ਿਕਾਇਤ ਵਿੱਚ ਟੀਨਾ ਕਪੂਰ ਨੇ ਕਿਹਾ ਕਿ ਮੈਂ ਫੌਜੀ ਪਰਿਵਾਰ ਨਾਲ ਸਬੰਧਤ ਹਾਂ। ਸ਼ਹੀਦ ਭਗਤ ਸਿੰਘ ਦੇਸ਼ ਦੇ ਆਜ਼ਾਦੀ ਘੁਲਾਟੀਏ ਹਨ। ਸੱਚੇ ਦੇਸ਼ ਭਗਤ। ਸਭ ਤੋਂ ਛੋਟੀ ਉਮਰ ਦਾ ਸ਼ਹੀਦ। ਉਨ੍ਹਾਂ ਨੂੰ ਅੱਤਵਾਦੀ ਕਹਿਣਾ ਦੇਸ਼ ਵਿਰੋਧੀ ਕਾਰਵਾਈ ਹੈ। ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਮਾਨ ਦਾ ਬਿਆਨ ਸ਼ਰਮਨਾਕ ਹੈ। ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਮਾਨ ਨੂੰ ਸੰਸਦ ਮੈਂਬਰ ਦੇ ਅਹੁਦੇ ਤੋਂ ਹਟਾ ਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।