ਚੰਡੀਗੜ੍ਹ: 2 ਅਗਸਤ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਰਾਸ਼ਟਰਮੰਡਲ ਖੇਡਾਂ 'ਚ ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਨਗਦ ਇਨਾਮ ਦੀ ਘੋਸ਼ਣਾ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਟਵੀਟ ਕਰਦਿਆਂ ਕਿਹਾ ਹੈ ਕਿ ਇਸ ਮਾਣਮੱਤੀ ਖਿਡਾਰਨ ਦੀ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖਾਸ ਕਰਕੇ ਬੱਚੀਆਂ ਨੂੰ ਉਤਸ਼ਾਹਿਤ ਕਰੇਗੀ। ਪੰਜਾਬ ਸਰਕਾਰ ਖੇਡ ਵਿਭਾਗ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖੇਡ ਨੀਤੀ ਅਨੁਸਾਰ ਉਸ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਹਰਜਿੰਦਰ ਕੌਰ ਦੀ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਦੇਸ਼ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਵਰਤਣ ਲਈ ਧੁਰੇ ਵਜੋਂ ਕੰਮ ਕਰਨਗੀਆਂ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ। ।(MOREPIC1)