ਰਾਜ ਪੱਧਰੀ ਸਮਾਗਮ ‘ਚ CM ਮਾਨ ਕਰਨਗੇ ਸ਼ਿਰਕਤ
ਜਲੰਧਰ, 28 ਅਗਸਤ, ਦੇਸ਼ ਕਲਿਕ ਬਿਊਰੋ:
ਪੰਜਾਬ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਵੱਲੋਂ ਖੇਡ ਮੇਲੇ ਕਰਵਾਏ ਜਾ ਰਹੇ ਹਨ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕਰਨਗੇ। ਖੇਡਾਂ ਦੀ ਸ਼ੁਰੂਆਤ ਲਈ ਰਾਜ ਪੱਧਰੀ ਪ੍ਰੋਗਰਾਮ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ। ਇਸ ਦੇ ਲਈ ਪ੍ਰਸ਼ਾਸਨ ਪੂਰੀ ਤਿਆਰੀ 'ਚ ਲੱਗਾ ਹੋਇਆ ਹੈ। ਇਸ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਲੰਧਰ ਪੁੱਜੇ।ਖੇਡ ਮੰਤਰੀ ਮੀਤ ਹੇਅਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਗਏ। ਉੱਥੇ ਉਨ੍ਹਾਂ ਨੇ ਪ੍ਰੋਗਰਾਮ ਲਈ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਚੱਲ ਰਹੀ ਰਿਹਰਸਲ ਦੇਖੀ। ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਟੇਡੀਅਮ ‘ਚ ਖੇਡਾਂ ਦਾ ਅਭਿਆਸ ਕਰ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਕਈ ਉਦੇਸ਼ਾਂ ਲਈ ਕਰਵਾਈਆਂ ਜਾ ਰਹੀਆਂ ਹਨ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਚਲਾਉਣ ਦਾ ਇੱਕ ਮਨੋਰਥ ਹੈ ਤਾਂ ਜੋ ਉਹ ਨਸ਼ਿਆਂ ਵੱਲ ਨਾ ਮੁੜਨ। ਦੂਜਾ ਉਦੇਸ਼ ਇਨ੍ਹਾਂ ਖੇਡ ਮੇਲਿਆਂ ਦਾ ਆਯੋਜਨ ਕਰਕੇ ਪੰਜਾਬ ਦੀਆਂ ਪ੍ਰਤਿਭਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਉਦੇਸ਼ ਪੰਜਾਬ ਦੇ ਗੁਆਚੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਹੈ। ਕੋਈ ਸਮਾਂ ਸੀ ਜਦੋਂ ਖੇਡਾਂ ਵਿੱਚ ਪੰਜਾਬ ਸਭ ਤੋਂ ਅੱਗੇ ਸੀ। ਅੱਜ ਗੁਆਂਢੀ ਸੂਬੇ ਪੰਜਾਬ ਤੋਂ ਅੱਗੇ ਲੰਘ ਗਏ ਹਨ।