ਨਵੀਂ ਦਿੱਲੀ, 30 ਅਗਸਤ, ਦੇਸ਼ ਕਲਿਕ ਬਿਊਰੋ:
ਆਮ ਆਦਮੀ ਪਾਰਟੀ ਅਤੇ ਭਾਜਪਾ ਦਿੱਲੀ 'ਚ ਇਕ-ਦੂਜੇ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਰਹੇ ਹਨ। ਇਸ ਦੌਰਾਨ 'ਆਪ' ਅਤੇ ਭਾਜਪਾ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ 'ਚ ਰਾਤ ਭਰ ਧਰਨਾ ਦਿੱਤਾ। 'ਆਪ' ਵਿਧਾਇਕਾਂ ਨੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਦੇ ਅੰਦਰ ਧਰਨਾ ਦਿੱਤਾ।'ਆਪ' ਵਿਧਾਇਕ ਦੁਰਗੇਸ਼ ਪਾਠਕ ਨੇ ਵਿਧਾਨ ਸਭਾ ਦੇ ਅੰਦਰ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ 'ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ LG 2016 ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਵਿਭਾਗ ਦੇ ਚੇਅਰਮੈਨ ਸਨ, ਉਸ ਸਮੇਂ ਉਨ੍ਹਾਂ ਨੇ 1400 ਕਰੋੜ ਰੁਪਏ ਦਾ ਘਪਲਾ ਕੀਤਾ ਸੀ। ਇਸ ਦੇ ਨਾਲ ਹੀ ਭਾਜਪਾ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ 'ਚ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।ਬਰਸਾਤ ਦੇ ਬਾਵਜੂਦ ਦੋਵੇਂ ਪਾਰਟੀਆਂ ਦੇ ਵਿਧਾਇਕ ਵਿਧਾਨ ਸਭਾ ਦੇ ਅਹਾਤੇ ਵਿੱਚ ਆਪੋ-ਆਪਣੇ ਧਰਨੇ ’ਤੇ ਬੈਠੇ ਰਹੇ। 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ 'ਚ ਬਾਪੂ ਦੇ ਬੁੱਤ ਅੱਗੇ ਧਰਨਾ ਦਿੱਤਾ, ਜਦਕਿ ਭਾਜਪਾ ਵਿਧਾਇਕਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਕੋਲ ਧਰਨਾ ਦਿੱਤਾ।