ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਹਰ ਕੋਈ ਹਿੱਸਾ ਲਵੇ : ਡਾ. ਸੋਨੀਆ
ਬੂਥਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ:
ਅੱਖ ਦਾਨ ਪੰਦਰਵਾੜੇ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਤੋਂ ਜਾਣੂੰ ਕਰਾਇਆ ਗਿਆ। ਮੈਡੀਕਲ ਕਾਲਜ ਮੋਹਾਲੀ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਅੱਖਾਂ ਦੇ ਮਾਹਰ ਡਾ. ਸੋਨੀਆ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਅਧੀਨ ਇਹ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾ ਰਹੇ ਹਨ।
ਡਾ. ਸੋਨੀਆ ਨੇ ਆਖਿਆ ਕਿ ਅੱਖਾਂ ਸਾਡੇ ਸਰੀਰ ਦਾ ਅਤਿ ਅਹਿਮ ਅੰਗ ਹਨ, ਇਸ ਲਈ ਇਨ੍ਹਾਂ ਦੀ ਜਾਂਚ ਹਰ ਛੇ ਮਹੀਨੇ ਮਗਰੋਂ ਘੱਟੋ-ਘੱਟ ਇਕ ਵਾਰ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ। ਡਾ. ਅਰੁਣ ਬਾਂਸਲ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਭਾਰਤ ਵਿਚ ਲੱਖਾਂ ਲੋਕ ਨੇਤਹਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਅਹਿਮ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁੁਖ਼ਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲਗਦਾ।
ਇਸ ਮੌਕੇ ਡਾ. ਰਸਿਕ ਪਿ੍ਰਯਾ, ਏ.ਐਮ.ਓ. ਡਾ. ਅਰੁਣ ਬਾਂਸਲ, ਡਾ. ਬਿਕਰਮਜੀਤ ਸਿੰਘ, ਡਾ. ਵਿਕਾਸ ਸਹਿਦੇਵ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਐਲ.ਐਚ.ਵੀ. ਕੁਲਦੀਪ ਕੌਰ ਤੇ ਹੋਰ ਸਟਾਫ਼ ਮੌਜੂਦ ਸੀ।