ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਤਿਆਰੀ ਲਈ ਮੀਟਿੰਗ ਦਾ ਆਯੋਜਨ
ਪਾਤੜਾਂ: 2 ਸਤੰਬਰ, ਦੇਸ਼ ਕਲਿੱਕ ਬਿਓਰੋ -
ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਪਟਿਆਲਾ ਬ੍ਰਾਂਚ ਕਮੇਟੀ ਪਾਤੜਾ ਵਲੋਂ ਇਥੇ ਜਲ ਸਪਲਾਈ ਦਫ਼ਤਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਬਤੌਰ ਇਨਲਿਸਟਮੈਂਟ/ਆਊਟਸੋਰਸ ਅਧੀਨ ਕੰਮ ਕਰਦੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਚੱਲ ਰਹੇ ਸੰਘਰਸ਼ ’ਤੇ ਵਿਚਾਰ ਚਰਚਾ ਕਰਨ ਉਪਰੰਤ ਭਵਿੱਖ ਵਿਚ ਕੀਤੇ ਜਾਣ ਵਾਲੇ ਸੰਘਰਸ਼ਾਂ ਵਿਚ ਵਰਕਰਾਂ ਨੂੰ ਵੱਧ ਚੱੜ ਕੇ ਸ਼ਾਮਲ ਹੋਣ ਲਈ ਲਾਮਬੰਦ ਕੀਤਾ।
ਇਸ ਮੌਕੇ ਸੂਬਾ ਵਰਿੰਦਰ ਸਿੰਘ ਮੋਮੀ ਜਿਲ੍ਹਾ ਆਗੂ ਸੁਭਾਸ਼ ਚੰਦ ਅਤੇ ਪ੍ਰਧਾਨ ਬ੍ਰਾਂਚ ਅਵਤਾਰ ਸਿੰਘ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਰੂ ਨੀਤੀਆਂ ਲਾਗੂ ਕਰਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਖੂਨ ਪਸੀਨੇ ਦੀ ਮਿਹਨਤ ਨਾਲ ਬਣਾਏ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆਂ ਕੋਲੋ ਲੋਕਾਂ ਦੀ ਲੁੱਟ ਕਰਵਾਉਣ ਲਈ ਵੇਚਿਆ ਜਾ ਰਿਹਾ ਹੈ, ਇਸੇ ਤਰ੍ਹਾਂ ਹੀ ਪੀਣ ਵਾਲੇ ਪਾਣੀ ਦੀ ਮੁੱਢਲੀ ਲੋੜ ਦੀ ਪੂਰਤੀ ਲਈ 1953 ਵਿਚ ਉਸਾਰੇ ਗਏ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਕਾਰਪੋਰੇਟ ਘਰਾਣਿਆਂ, ਸਪੈਸ਼ਲ ਪੱਪਰਜ ਵਹੀਕਲ (ਐਸ.ਪੀ.ਵੀ.) ਵਰਗੀਆਂ ਵੱਡੀਆਂ ਕੰਪਨੀਆਂ ਦੇ ਹਵਾਲੇ ਕਰਕੇ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਬਹਾਨੇ ਨਾਲ ਬਲਾਕ ਪੱਧਰੀ ਮੈਗਾ ਪ੍ਰੋਜੈਕਟ ਲਗਾ ਕੇ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪੀਣ ਵਾਲੇ ਪਾਣੀ ’ਤੇ ਵੀ ਪੰਜਾਬ ਸਰਕਾਰ ਹੁਣ ਕਾਰਪੋਰੇਟ ਘਰਾਣਿਆਂ ਅਤੇ ਵੱਡੀਆਂ ਕੰਪਨੀਆਂ ਦਾ ਕਬਜਾ ਕਰਵਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੀਣ ਵਾਲੇ ਪਾਣੀ ਤੋਂ ਵੀ ਮੋਟਾ ਮੁਨਾਫਾ ਕਮਾਇਆ ਜਾ ਸਕੇ। ਇਸੇ ਮਕਸਦ ਲਈ ਜਿਲ੍ਹਾ ਫਾਜਿਲਕਾ (ਘੱਟਿਆਵਾਲਾ, ਪੱਤਰੇਵਾਲਾ), ਮੋਗਾ, ਪਟਿਆਲਾ, ਮਾਨਸਾ, ਬਠਿੰਡਾ, ਲੁਧਿਆਣਾ, ਅਮਿ੍ਰਤਸਰ, ਤਰਨਤਾਰਨ ਆਦਿ ਜਿਲ੍ਹਿਆਂ ਵਿਚ ਵੱਡੀਆਂ ਕੰਪਨੀਆਂ ਵਲੋਂ ਨਹਿਰੀ ਪਾਣੀ ਸਪਲਾਈ ਵਾਲੇ ਨੈਗਾ ਪ੍ਰੋਜੈਕਟ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਨਹਿਰੀ ਪਾਣੀ ਸਪਲਾਈ ਦੇਣ ਦੇ ਬਹਾਨੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਾਰਪੋਰੇਟ ਘਰਾਣਿਆਂ ਅਤੇ ਵੱਡੀਆਂ ਕੰਪਨੀਆਂ ਨੂੰ ਦੇ ਕੇ ਨਿੱਜੀਕਰਨ ਕਰਨ ਦੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ, ਪਿੰਡ ਪੱਧਰ ਤੇ ਚੱਲ ਰਹੀਆਂ ਵਾਟਰ ਸਪਲਾਈ ਸਕੀਮਾਂ ਨੂੰ ਪਹਿਲਾਂ ਦੀ ਤਰ੍ਹਾਂ ਚਾਲੂ ਰੱਖਣ, ਜਲ ਸਪਲਾਈ ਵਿਭਾਗ ਵਿਚ ਬਤੌਰ ਇੰਨਲਿਸਟਮੈਂਟ ਤੇ ਆਊਟਸੋਰਸ ਤਹਿਤ ਲੰਮੇ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਰੈਗੂਲਰ ਕਰਨ ਸਮੇਤ ‘ਮੰਗ ਪੱਤਰ’ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਤੁਰੰਤ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਮੂਹ ਸਰਕਾਰੀ ਵਿਭਾਗਾਂ ’ਚ ਸੇਵਾਵਾਂ ਦੇ ਰਹੇ ਆਊਟਸੋਰਸ ਤੇ ਇੰਨਲਿਸਟਮੈਂਟ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ’ਚ ਰੈਗੂਲਰ ਕਰਨ ਸਮੇਤ ਹੋਰਨਾਂ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਚ 13 ਸਤੰਬਰ ਨੂੰ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇਅ ਜਾਮ ਕੀਤਾ ਜਾ ਰਿਹਾ ਹੈ ਜਿਸ ਵਿਚ ਪੰਜਾਬ ਭਰ ਤੋਂ ਜਲ ਸਪਲਾਈ ਕਾਮਿਆਂ ਦੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਇਥੋਂ ਵੀ ਪੂਰੇ ਉਤਸ਼ਾਹ ਨਾਲ ਜਲ ਸਪਲਾਈ ਕਾਮੇ ਬਸੰਤੀ ਰੰਗ ਸਿਰਾ ਤੇ ਬੰਨ ਕੇ ਕਾਫਲੇ ਲੈ ਕੇ 13 ਸਤੰਬਰ ਨੂੰ ਧੂਰੀ ਵੱਲ ਕੁਚ ਕਰਨਗੇ ਅਤੇ ਜਿਨ੍ਹੀ ਦੇਰ ਤੱਕ ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਦੇ ਹਰ ਕੈਟਾਗਿਰੀ ਦੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਨਹੀਂ ਲਿਆ ਜਾਂਦਾ, ਇਸ ਨੈਸ਼ਨਲ ਹਾਈਵੇ ਜਾਮ ਪ੍ਰਦਰਸ਼ਨ ਜਾਰੀ ਰੱਖਣਗੇ।