ਚੰਡੀਗੜ੍ਹ,3 ਅਗਸਤ,ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਆਧਾਰਿਤ ਘੱਟ ਗਿਣਤੀ ਦਰਜੇ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ ਇਹ ਰਾਸ਼ਟਰੀ ਪੱਧਰ 'ਤੇ ਹੀ ਹੋਣਾ ਚਾਹੀਦਾ ਹੈ। ਇਸ ਦੇ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਕੈਪਟਨ ਨੇ ਕਿਹਾ ਕਿ ਸੂਬਾ ਪੱਧਰ 'ਤੇ ਘੱਟ ਗਿਣਤੀ ਦੇ ਦਰਜੇ ਦੇ ਗੰਭੀਰ ਸਮਾਜਿਕ ਅਤੇ ਸਿਆਸੀ ਪ੍ਰਭਾਵ ਹੋਣ ਦੇ ਨਾਲ-ਨਾਲ ਮਾੜੇ ਤਕਨੀਕੀ ਅਤੇ ਕਾਨੂੰਨੀ ਪ੍ਰਭਾਵ ਪੈ ਸਕਦੇ ਹਨ। ਜਿਸ ਕਾਰਨ ਸਮਾਜ ਵਿੱਚ ਵਿਵਾਦ ਅਤੇ ਅਸ਼ਾਂਤੀ ਪੈਦਾ ਹੋ ਸਕਦੀ ਹੈ। ਪੰਜਾਬ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਵਿੱਚ ਨਾ ਰੱਖਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।ਜਿਸ 'ਤੇ ਕੈਪਟਨ ਨੇ ਇਹ ਗੱਲ ਕਹੀ ਹੈ।ਕੈਪਟਨ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਸੁਪਰੀਮ ਕੋਰਟ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਹੈ ਕਿ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਨਹੀਂ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਘੱਟ ਗਿਣਤੀ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਇਸ ਦਾ ਮਤਲਬ ਇਹ ਹੈ ਕਿ ਇੱਕ ਭਾਈਚਾਰੇ ਦੀ ਘੱਟ ਗਿਣਤੀ ਦਾ ਦਰਜਾ ਰਾਜ ਪੱਧਰ 'ਤੇ ਕੀਤਾ ਜਾਣਾ ਚਾਹੀਦਾ ਹੈ। ਵਰਤਮਾਨ ਵਿੱਚ ਇਹ ਰਾਸ਼ਟਰੀ ਪੱਧਰ 'ਤੇ ਕੀਤਾ ਜਾਂਦਾ ਹੈ ਅਤੇ ਇਹੀ ਸਹੀ ਹੈ।