ਦਲਜੀਤ ਕੌਰ ਭਵਾਨੀਗੜ੍ਹ
ਦਿੜ੍ਹਬਾ/ਸੰਗਰੂਰ, 3 ਸਤੰਬਰ, 2022: ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ 'ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਨਾਮ ਹੇਠ ਖੇਡ ਮਹਾਂਕੁੰਭ ਉਲੀਕਿਆ ਗਿਆ ਹੈ ਅਤੇ ਯਕੀਨੀ ਤੌਰ ਉੱਤੇ ਇਹ ਪਲੇਟਫਾਰਮ ਸਾਡੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਚਮਕਾਉਣ ਵਿਚ ਸਹਾਈ ਸਾਬਿਤ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕੌਹਰੀਆਂ ਅਤੇ ਦਿੜ੍ਹਬਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੀਤਾ।
ਸ੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਤਾਂ ਜੋ ਸਾਡੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਮਾਣਾਂ-ਮੱਤੀਆਂ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਇਹ ਬੇਹੱਦ ਸਾਰਥਕ ਉਪਰਾਲਾ ਹੈ ਅਤੇ ਗਰਮੀ ਦੇ ਬਾਵਜੂਦ ਵੀ ਖਿਡਾਰੀ ਅਤੇ ਖਿਡਾਰਨਾਂ ਵਧ ਚੜ੍ਹ ਕੇ ਪੂਰਨ ਜੋਸ਼ੋ ਖਰੋਸ਼ ਨਾਲ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਖੇਡ ਕ੍ਰਾਂਤੀ ਆਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਅੱਜ ਪੰਜਾਬ ਦਾ ਹਰ ਬਲਾਕ ਖੇਡਾਂ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ।
ਦਿੜ੍ਹਬਾ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਸ਼ਹੀਦ ਚਿਤਵੰਤ ਸਿੰਘ ਯਾਦਗਾਰੀ ਸਟੇਡੀਅਮ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਅਤੇ ਖੇਡ ਮੈਦਾਨ ਵਿੱਚ ਜਾ ਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆਂ ਹੌਂਸਲਾ ਅਫਜ਼ਾਈ ਕੀਤੀ।ਸ੍ਰੀ ਚੀਮਾ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਕਿਸਮਤ ਅਜਮਾਉਣਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਉਣਗੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।