ਨਵੀਂ ਦਿੱਲੀ,5 ਸਤੰਬਰ,ਦੇਸ਼ ਕਲਿਕ ਬਿਊਰੋ:
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਚਾਰ ਦਿਨਾਂ ਭਾਰਤ ਦੌਰੇ 'ਤੇ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰੋਹਿੰਗਿਆ ਮੁਸਲਮਾਨਾਂ ਨੂੰ ਆਪਣੇ ਦੇਸ਼ ਲਈ ਚੁਣੌਤੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਵੱਡਾ ਬੋਝ ਹਨ ਅਤੇ ਉਹ ਮਹਿਸੂਸ ਕਰਦੇ ਹਨ ਕਿ ਭਾਰਤ ਇਸ ਮੁੱਦੇ ਦਾ ਹੱਲ ਲੱਭਣ ਵਿੱਚ ਵੱਡੀ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਰੂਸ-ਯੂਕਰੇਨ ਯੁੱਧ ਵਿੱਚ ਫਸੇ ਬੰਗਲਾਦੇਸ਼ੀ ਵਿਦਿਆਰਥੀਆਂ ਨੂੰ ਬਚਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ।ਉਨ੍ਹਾਂ ਨੇ ਭਾਰਤ ਨੂੰ ਬੰਗਲਾਦੇਸ਼ ਦਾ 'ਪਰਖਿਆ ਦੋਸਤ' ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਨੇ ਵੈਕਸੀਨ ਫਰੈਂਡਸ਼ਿਪ ਪ੍ਰੋਗਰਾਮ ਤਹਿਤ ਬੰਗਲਾਦੇਸ਼ ਨੂੰ ਵੈਕਸੀਨ ਦੀਆਂ ਕਈ ਖੇਪਾਂ ਭੇਜੀਆਂ ਜੋ ਸ਼ਲਾਘਾਯੋਗ ਹੈ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਦਰਮਿਆਨ ਮਜ਼ਬੂਤ ਸਹਿਯੋਗ ਬਣਾਈ ਰੱਖਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮਤਭੇਦ ਹੋ ਸਕਦੇ ਹਨ, ਪਰ ਉਨ੍ਹਾਂ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਚਾਹੀਦਾ ਹੈ।