ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਬੈਠਕ, ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ
ਮੋਹਾਲੀ, 5 ਸਤੰਬਰ, ਦੇਸ਼ ਕਲਿੱਕ ਬਿਓਰੋ :
ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਅਪਣੇ ਦਫ਼ਤਰ ਵਿਚ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਬੈਠਕ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ‘ਆਮ ਆਦਮੀ ਕਲੀਨਿਕਾਂ’ ਵਿਚ ਮਰੀਜ਼ਾਂ ਦੀ ਆਮਦ ਅਤੇ ਮਿਲਣ ਵਾਲੀਆਂ ਸਿਹਤ ਸਹੂਲਤਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕੇਂਦਰਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੀ ਰੋਕਥਾਮ ’ਤੇ ਖ਼ਾਸ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਮਾਹਰਾਂ ਮੁਤਾਬਕ ਅਕਤੂਬਰ ਵਿਚ ਡੇਂਗੂ ਦੇ ਪਾਜ਼ੇਟਿਵ ਕੇਸ ਵੱਧ ਸਕਦੇ ਹਨ, ਇਸ ਲਈ ਜਾਗਰੂਕਤਾ ਦੇ ਨਾਲ-ਨਾਲ ਘਰ-ਘਰ ਚੈਕਿੰਗ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਨੇ 1 ਸਤੰਬਰ ਤੋਂ 30 ਸਤੰਬਰ ਤਕ ਮਨਾਏ ਜਾ ਰਹੇ ‘ਪੋਸ਼ਣ ਮਾਹ’ ਅਤੇ ‘ਨੇਤਰਦਾਨ ਪੰਦਰਵਾੜੇ’ ਦੌਰਾਨ ਵੀ ਵੱਧ ਤੋਂ ਵੱਧ ਜਾਗਰੂਕਤਾ ਸਰਗਰਮੀਆਂ ਕਰਨ ਦੀ ਹਦਾਇਤ ਦਿਤੀ।
ਡਾ. ਆਦਰਸ਼ਪਾਲ ਕੌਰ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ, ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ ’ਤੇ ਡੀਲ ਕਰਨ ਵਾਲੇ ਮੁਲਾਜ਼ਮ ਡਿਊਟੀ ਸਮੇਂ ਅਪਣੀ ਸੀਟ’ਤੇ ਮੌਜੂਦ ਰਹਿਣ ਅਤੇ ਕਿਸੇ ਵੀ ਸਿਹਤ ਸੰਸਥਾ ਵਿਚ ਭਿ੍ਰਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਜਾਵੇਗੀ।
‘ਕੋਰੋਨਾ’ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਚਲਾਉਣ ਲਈ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਲਈ ਵੱਡੀ ਚੁਨੌਤੀ ਬਣੀ ਹੋਈ ਹੈ ਪਰ ਹਾਲੇ ਵੀ ਇਹ ਬੀਮਾਰੀ ਖ਼ਤਮ ਨਹੀਂ ਹੋਈ। ਤਿਉਹਾਰਾਂ ਦੇ ਸਨਮੁਖ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਜਿਹੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਹਰ ਲਾਭਪਾਤਰੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ।
ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ, ਐਪੀਡੀਮੋਲੋਜਿਸਟ ਡਾ.ਹਰਮਨਦੀਪ ਕੌਰ, ਸਾਰੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।