ਪੰਜਾਬ ਸਰਕਾਰ ਵੱਲੋਂ ਤਨਖਾਹਾਂ 'ਤੇ ਰੋਕ ਲਗਾਉਣ ਦਾ ਡੀ.ਟੀ.ਐੱਫ. ਨੇ ਕੀਤਾ ਸਖ਼ਤ ਵਿਰੋਧ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 05 ਸਤੰਬਰ, 2022: ਪੰਜਾਬ ਸਰਕਾਰ ਵੱਲੋਂ ਏ ਬੀ ਅਤੇ ਸੀ ਕੈਟਾਗਿਰੀ ਦੇ ਲੱਖਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਕਢਵਾਉਣ 'ਤੇ ਖ਼ਜ਼ਾਨਿਆਂ ਨੂੰ ਲਗਾਏ ਜ਼ੁਬਾਨੀ ਰੋਕ ਦੇ ਹੁਕਮ ਸਤੰਬਰ ਮਹੀਨੇ ਦੇ ਪੰਜਵੇਂ ਦਿਨ ਵੀ ਜਾਰੀ ਰਹੇ ਹਨ। ਜਿਸ ਕਾਰਨ ਅੱਜ ਵੀ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਨਹੀਂ ਨਸੀਬ ਹੋ ਸਕੀ। ਦੂਜੇ ਪਾਸੇ 5 ਸਤੰਬਰ ਨੂੰ ਅਧਿਆਪਕ ਦਿਵਸ ਹੋਣ ਦੇ ਬਾਵਜੂਦ, ਪੰਜਾਬ ਸਰਕਾਰ ਦੇ ਮਾੜੇ ਆਰਥਿਕ ਪ੍ਰਬੰਧ ਕਾਰਨ ਹਜ਼ਾਰਾਂ ਅਧਿਆਪਕ ਵੀ ਤਨਖਾਹ ਨਾ ਮਿਲਣ ਪੱਖੋਂ ਨਿਰਾਸ਼ ਰਹੇ। ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਇਸ ਮਾਮਲੇ ਵਿੱਚ ਆਪ ਸਰਕਾਰ ਦੀ ਗ਼ੈਰ ਜ਼ਿੰਮੇਵਾਰਾਨਾ ਕਾਰਜਸ਼ੈਲੀ ਦੀ ਸਖਤ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਵਲੋਂ ਵੀ ਪਹਿਲੀਆਂ ਸਰਕਾਰਾਂ ਵਾਂਗ ਮਾੜੇ ਵਿੱਤੀ ਪ੍ਰਬੰਧ ਕਾਰਨ ਖਜਾਨੇ ਦਾ ਜਨਾਜ਼ਾ ਕੱਢਿਆ ਜਾ ਰਿਹਾ ਹੈ, ਜਿਸ ਦਾ ਖਮਿਆਜਾ ਮੁਲਾਜ਼ਮਾਂ ਨੂੰ ਭੁਗਤਣਾ ਪੈ ਰਿਹਾ ਹੈ। ਤਨਖਾਹਾਂ ਤੋਂ ਵਿਰਵੇ ਮੁਲਜ਼ਮਾਂ ਵਲੋਂ ਲਏ ਘਰੇਲੂ ਕਰਜ਼ਿਆਂ ਦੀਆਂ ਅਗਲੇ ਦਿਨਾਂ ਵਿੱਚ ਭਰੀਆਂ ਜਾਣ ਵਾਲੀਆਂ ਕਿਸ਼ਤਾਂ ਉਪਰ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਆਗੂਆਂ ਨੇ ਦੱਸਿਆ ਕਿ ਦਰਅਸਲ ਆਪ ਸਰਕਾਰ ਦੀਆਂ ਆਰਥਿਕ ਨੀਤੀਆਂ ਵੀ ਕਾਰਪੋਰੇਟਾਂ ਤੇ ਨਿੱਜੀ ਅਦਾਰਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਅਤੇ ਮਿਹਨਤਕਸ਼ ਲੋਕਾਂ ਦਾ ਕਚੂੰਬਰ ਕੱਢਣ ਵਾਲੀਆਂ ਹੀ ਹਨ।
ਡੀ.ਟੀ.ਐੱਫ. ਦੇ ਸੂਬਾਈ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਸਿੰਘ ਫੂਲੇਵਾਲਾ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਮਾਣ ਸਨਮਾਨ ਦੇਣ ਦੇ ਫੋਕੇ ਦਾਅਵੇ ਕੀਤੇ ਜਾ ਰਹੇ ਹਨ, ਜਦ ਕਿ ਪੰਜਾਬ ਸਰਕਾਰ ਤਾਂ ਅਧਿਆਪਕਾਂ ਦੀ ਲੰਘੇ ਮਹੀਨੇ ਦੀ ਤਨਖ਼ਾਹ ਨੂੰ ਵੀ ਸਮੇਂ ਸਿਰ ਦੇਣ ਵਿੱਚ ਨਾਕਾਮਯਾਬ ਹੋ ਰਹੀ ਹੈ।
ਆਗੂਆਂ ਨੇ ਮੰਗ ਕੀਤੀ ਕਿ ਏ, ਬੀ ਅਤੇ ਸੀ ਕੈਟਾਗਿਰੀ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕਢਵਾਉਣ 'ਤੇ ਖ਼ਜ਼ਾਨਿਆਂ ਨੂੰ ਲਗਾਏ ਜ਼ੁਬਾਨੀ ਰੋਕ ਦੇ ਹੁਕਮ ਫੌਰੀ ਵਾਪਸ ਲਏ ਜਾਣ, ਅਜਿਹਾ ਨਾ ਹੋਣ ਦੀ ਸੂਰਤ ਵਿਚ ਮੁਲਾਜ਼ਮ ਵਰਗ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।
ਇਸ ਮੌਕੇ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਤੇਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਹਾਜ਼ਰ ਸਨ।