ਚੋਣ ਇੰਚਾਰਜ ਮਧੂਸੂਦਨ ਮਿਸਤਰੀ ਨੂੰ ਪੱਤਰ ਲਿਖ ਕੇ ਵੋਟਰ ਸੂਚੀਆਂ ਮੁਹੱਈਆ ਕਰਵਾਉਣ ਦੀ ਕੀਤੀ ਮੰਗ
ਨਵੀਂ ਦਿੱਲੀ,10 ਸਤੰਬਰ,ਦੇਸ਼ ਕਲਿਕ ਬਿਊਰੋ:
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਚਲਦਿਆਂ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਇਸ ਚੋਣ ਦੀ ਨਿਰਪੱਖਤਾ 'ਤੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਭਾਵੀ ਪ੍ਰਧਾਨ ਅਹੁਦੇ ਦੇ ਉਮੀਦਵਾਰ ਸ਼ਸ਼ੀ ਥਰੂਰ ਸਮੇਤ ਪੰਜ ਸੰਸਦ ਮੈਂਬਰਾਂ ਨੇ ਚੋਣ ਇੰਚਾਰਜ ਮਧੂਸੂਦਨ ਮਿਸਤਰੀ ਨੂੰ ਪੱਤਰ ਲਿਖ ਕੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਵੋਟਰ ਸੂਚੀਆਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਪਹਿਲਾਂ ਹੀ ਇਹ ਮੰਗ ਕਰ ਚੁੱਕੇ ਹਨ।ਕਾਂਗਰਸ ਵੱਲੋਂ ਤੈਅ ਚੋਣ ਪ੍ਰੋਗਰਾਮ ਅਨੁਸਾਰ ਪਾਰਟੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 24 ਸਤੰਬਰ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਬਿਨਾਂ ਮੁਕਾਬਲਾ ਚੋਣ ਨਾ ਹੋਣ 'ਤੇ 17 ਅਕਤੂਬਰ ਨੂੰ ਵੋਟਿੰਗ ਹੋ ਸਕਦੀ ਹੈ।ਸੰਸਦ ਮੈਂਬਰ ਸ਼ਸ਼ੀ ਥਰੂਰ, ਮਨੀਸ਼ ਤਿਵਾੜੀ, ਕਾਰਤੀ ਚਿਦੰਬਰਮ, ਪ੍ਰਦਯੁਤ ਬਰਦੋਲੋਈ ਅਤੇ ਅਬਦੁਲ ਖਾਲਿਕ ਨੇ ਕਾਂਗਰਸ ਚੋਣ ਅਥਾਰਟੀ ਦੇ ਪ੍ਰਧਾਨ ਮਧੂਸੂਦਨ ਮਿਸਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰਾਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਸੂਬਾ ਕਾਂਗਰਸ ਸੰਗਠਨਾਂ ਦੀ ਵੋਟਰ ਸੂਚੀ ਮੁਹੱਈਆ ਕਰਵਾਈ ਜਾਵੇ।ਇਨ੍ਹਾਂ ਪੰਜ ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਬਾਰੇ ਚਿੰਤਾ ਪ੍ਰਗਟਾਈ ਹੈ।