-13 ਸਤੰਬਰ ਨੂੰ ਸਮੂਹ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਹੀਰਾਂ ਘੱਤ ਕੇ ਧੂਰੀ ਪਹੁੰਚਣਗੇ - ਮੋਰਚਾ ਆਗੂ
ਸੰਗਰੂਰ, 10 ਸਤੰਬਰ, ਦੇਸ਼ ਕਲਿੱਕ ਬਿਓਰੋ -
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਨੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ, ਰਮਨਪ੍ਰੀਤ ਕੌਰ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਗਰੂਰ ਜਿਲ੍ਹੇ ਦੇ ਡਿੱਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਹੋਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋ ਅੱਜ ਇਕ ਐਮਰਜੈਂਸੀ ਮੀਟਿੰਗ ਪੀ.ਡਬਲਯੂ.ਡੀ. ਰੇਸਟ ਹਾਊਸ ਸੰਗਰੂਰ ਵਿਚ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨਾਲ ਕੀਤੀ ਗਈ, ਜਿਸ ਵਿਚ ਵਿਚਾਰ ਚਰਚਾ ਕਰਨ ਉਪਰੰਤ ਮੋਰਚੇ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋਕਿ ਧੂਰੀ ਹਲਕੇ ਦੇ ਹਨ, ਉਨ੍ਹਾਂ ਨਾਲ ਸਾਡੀ ਪੈਨਲ ਮੀਟਿੰਗ ਲਿਖਤੀ ਰੂਪ ਵਿਚ ਤੈਅ ਕਰਵਾਈ ਜਾਵੇ। ਜਿਸਤੇ ਇਥੋਂ ਦੇ ਪ੍ਰਸ਼ਾਸਨ ਵਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਵਿਦੇਸ਼ ਦੌਰੇ ਤੇ ਹਨ, ਇਸ ਕਰਕੇ ਉਨ੍ਹਾਂ ਨਾਲ ਮੀਟਿੰਗ ਨਹੀਂ ਕਰਵਾ ਸਕਦੇ, ਜਿਸਦੇ ਬਾਅਦ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਮੰਤਰੀਆਂ ਦੀ ਗਠਿਤ ਕਮੇਟੀ ਦੇ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ ਅਤੇ ਇਸਦੇ ਨਾਲ ਹੀ 18 ਤੋਂ 25 ਸਤੰਬਰ ਵਿਚ ਜਦੋ ਮੁੱਖ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਨਾਲ ਮੀਟਿੰਗ ਤੈਅ ਕਰਵਾਈ ਜਾਵੇ, ਜਿਸ ਤੇ ਸਿਵਲ ਤੇ ਪੁਲਸ ਪ੍ਰਸ਼ਾਸਨ ਵਲੋਂ ਨਾਂ ਤਾ ਸਬ ਕਮੇਟੀ ਮੈਂਬਰਾਂ ਅਤੇ ਨਾ ਹੀ ਮੁੱਖ ਮੰਤਰੀ ਪੰਜਾਬ ਦੇ ਨਾਲ ਪੈਨਲ ਮੀਟਿੰਗ ਕਰਵਾਉਣ ਲਈ ਲਿਖਤੀ ਰੂਪ ਵਿਚ ਚਿੱਠੀ ਪੱਤਰ ਦਿੱਤਾ ਗਿਆ ਹੈ, ਜਿਸਦੇ ’ਤੇ ਸਾਬਤ ਹੋ ਗਿਆ ਹੈ ਕਿ ਇਥੋਂ ਦਾ ਸਿਵਲ ਤੇ ਪੁਲਸ ਪ੍ਰਸ਼ਾਸਨ ਜਿੱਥੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਦੇ ਨਾਲ ਪੈਨਲ ਮੀਟਿੰਗ ਕਰਵਾਉਣ ਤੋਂ ਭੱਜ ਰਿਹਾ ਹੈ । ਉਥੇ ਹੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ 13 ਸਤੰਬਰ 2022 ਨੂੰ ਅਣਮਿੱਥੇ ਸਮੇ ਲਈ ਧੂਰੀ ਸਟੇਟ ਹਾਈਵੇ ਜਾਮ ਕਰਨ ਦੇ ਸੱਦੇ ਨੂੰ ਵਾਪਸ ਲੈਣ ਲਈ ਸਾਜਿਸ਼ਾਂ ਰਚ ਰਿਹਾ ਹੈ ਪਰ ਮੋਰਚੇ ਦੀ ਸੂਬਾਈ ਲੀਡਰਸ਼ਿਪ ਵੱਲੋਂ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਸ ਸਾਜਿਸ਼ ਨੂੰ ਰੱਦ ਕਰਕੇ ਘੋਲ ਨੂੰ ਮੰਗਾਂ ਪ੍ਰਵਾਨ ਕਰਵਾਉਣ ਤੱਕ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਮੋਰਚੇ ਦੇ ਆਗੂਆਂ ਵਲੋਂ ਪੰਜਾਬ ਦੇ ਸਮੂਹ ਠੇਕਾ ਮੁਲਾਜਮਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਦੀਆਂ ਪਹਿਲਾਂ ਦੀ ਤਰ੍ਹਾਂ ਸੰਘਰਸ਼ ਨੂੰ ਠਿੱਬੀ ਲਾਉਣ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਅਤੇ ਸੰਘਰਸ਼ ਦੀ ਸਫਲਤਾ ਲਈ ਤਿਆਰੀਆਂ ’ਚ ਜੁਟੇ ਰਹਿਣ। 13 ਸਤੰਬਰ ਨੂੰ ਪੰਜਾਬ ਦੇ ਕੌਨੇ- ਕੌਨੇ ਤੋਂ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਹੀਰਾਂ ਘੱਤ ਕੇ ਧੂਰੀ ਪਹੁੰਚਣ। ਉਨ੍ਹਾਂ ਇਕ ਹੋਰ ਅਪੀਲ ਵਿਚ ਮੋਰਚੇ ਦੀ ਸਮੂਹ ਮੈਂਬਰਸ਼ਿਪ ਨੂੰ ਕਿਹਾ ਕਿ ਮੱੱਖ ਮੰਤਰੀ ਪੰਜਾਬ ਦੇ ਨਾਂਅ ਖੁੱਲ੍ਹਾ ਖੱਤ ਪੰਜਾਬ ਸਰਕਾਰ ਤੱਕ ਪੁੱਜਦਾ ਕਰਨ ਲਈ ਮੁਹਿੰਮ ਨੂੰ ਜੋਰਦਾਰ ਢੰਗ ਨਾਲ ਚਲਾਇਆ ਜਾਵੇ। ਤਾਂ ਜੋ ਸਮੂਹ ਠੇਕਾ ਮੁਲਾਜਮਾਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਨੂੰ ਸੰਘਰਸ਼ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ (ਆਊਟਸੋਰਸ, ਇੰਨਲਿਸਟਮੈਂਟ, ਕੰਪਨੀਆਂ, ਠੇਕੇਦਾਰਾਂ ਅਤੇ ਸੁਸਾਇਟੀਆਂ) ਸਮੂਹ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਬਿਨਾਂ ਸ਼ਰਤ ਰੈਗੂਲਰ ਕਰਨ, ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਹਮਲੇ ਦੇ ਵਿਰੁੱਧ, ਪੱਕੇ ਕੰਮ ਖੇਤਰ ਵਿਚ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣ, ਲੋਕਾਂ ਨੂੰ ਮਿਲਦੀਆਂ ਸਸਤੀਆਂ ਜਿਵੇਂ ਕਿ ਰਾਸ਼ਨ ਵੰਡ ਪ੍ਰਣਾਲੀ, ਵਿੱਦਿਆ, ਸਿਹਤ, ਬਿਜਲੀ, ਪਾਣੀ ਦੀ ਰਾਖੀ ਲਈ ਅਤੇ ਲੋਕਾਂ ਨੂੰ ਮਿਲਦੀਆਂ ਤਿਲ ਫੁਲ ਸਹੂਲਤਾਂ ਨੂੰ ਬਰਕਰਾਰ ਰੱਖਣਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਅਸੀਂ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ 13 ਸਤੰਬਰ 2022 ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਧੂਰੀ ਵਿਚ ਸਟੇਟ ਹਾਈਵੇ ਜਾਮ ਅਣਮਿਥੇ ਸਮੇਂ ਲਈ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਸੰਘਰਸ਼ ਆਪਣੀਆਂ ਮੰਗਾਂ ਮਨਵਾਉਣ ਤੱਕ ਜਾਰੀ ਰੱਖਿਆ ਜਾਵੇਗਾ।