ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਅੱਜ ਸੋਮਵਾਰ ਨੂੰ 220 ਜਨਹਿੱਤ ਪਟੀਸ਼ਨਾਂ 'ਤੇ ਸੁਣਵਾਈ ਕਰ ਸਕਦਾ ਹੈ। ਇਨ੍ਹਾਂ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) ਦੀ ਵੈਧਤਾ ਵਿਰੁੱਧ ਦਾਇਰ ਪਟੀਸ਼ਨਾਂ ਸ਼ਾਮਲ ਹਨ। ਚੀਫ਼ ਜਸਟਿਸ ਯੂ ਯੂ ਲਲਿਤ ਅਤੇ ਐਸ ਰਵਿੰਦਰ ਭੱਟ ਦੀ ਬੈਂਚ ਕਰੀਬ ਦੋ ਸਾਲਾਂ ਤੋਂ ਪੈਂਡਿੰਗ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਇਸ ਬੈਂਚ ਦੇ ਸਾਹਮਣੇ 220 ਪਟੀਸ਼ਨਾਂ ਸੂਚੀਬੱਧ ਹਨ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 18 ਦਸੰਬਰ, 2019 ਨੂੰ ਹੋਈ ਸੁਣਵਾਈ ਵਿੱਚ ਸੀਏਏ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ, ਹਾਲਾਂਕਿ ਕੇਂਦਰ ਨੂੰ ਇੱਕ ਨੋਟਿਸ ਜਾਰੀ ਕਰਕੇ ਜਨਵਰੀ, 2020 ਦੇ ਦੂਜੇ ਹਫ਼ਤੇ ਤੱਕ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ। ਉਦੋਂ ਕੋਵਿਡ ਮਹਾਮਾਰੀ ਕਰਕੇ ਕੋਈ ਸੁਣਵਾਈ ਨਹੀਂ ਹੋਈ। ਜ਼ਿਕਰਯੋਗ ਹੈ ਕਿ ਸੀਏਏ ਦੇ ਤਹਿਤ ਗੁਆਂਢੀ ਦੇਸ਼ਾਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਹਿੰਦੂ, ਸਿੱਖ, ਈਸਾਈ, ਬੋਧੀ, ਜੈਨ ਅਤੇ ਪਾਰਸੀਆਂ ਵਰਗੇ ਗੈਰ-ਮੁਸਲਿਮ, ਜੋ 31 ਦਸੰਬਰ 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਸਨ, ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾ ਸਕਦੀ ਹੈ।