SGPC ਵੱਲੋਂ ਸਖ਼ਤ ਨਿਖੇਧੀ,PM ਮੋਦੀ ਤੇ ਗ੍ਰਹਿ ਮੰਤਰਾਲੇ ਤੋਂ ਦਖਲ ਮੰਗਿਆ
ਅੰਮ੍ਰਿਤਸਰ,15 ਸਤੰਬਰ,ਦੇਸ਼ ਕਲਿਕ ਬਿਊਰੋ:
ਤਾਲਿਬਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਧਾਰਮਿਕ ਮਾਮਲਿਆਂ 'ਚ ਤਾਲਿਬਾਨ ਸਰਕਾਰ ਦੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਕਰਤੇ ਪਰਵਾਨ ਗੁਰਦੁਆਰਾ ਸਾਹਿਬ 'ਚ ਹੋਏ ਬੰਬ ਧਮਾਕੇ ਅਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਭਾਰਤ ਸਰਕਾਰ ਅਫਗਾਨਿਸਤਾਨ 'ਚ ਰਹਿ ਰਹੇ ਸਿੱਖਾਂ ਨੂੰ ਈ-ਵੀਜ਼ਾ ਦੇ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਤਾਲਿਬਾਨ ਸਰਕਾਰ ਵੀ ਸ਼ਾਂਤ ਮਾਹੌਲ ਦਾ ਹਵਾਲਾ ਦਿੰਦੇ ਹੋਏ ਸਿੱਖਾਂ ਅਤੇ ਹਿੰਦੂਆਂ ਨੂੰ ਅਫਗਾਨਿਸਤਾਨ ਵਾਪਸ ਪਰਤਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ 11 ਸਤੰਬਰ ਨੂੰ 60 ਅਫਗਾਨ ਸਿੱਖਾਂ ਨੇ ਭਾਰਤ ਆਉਣਾ ਸੀ।ਉਹ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਆਪਣੇ ਨਾਲ ਲੈ ਕੇ ਆ ਰਹੇ ਸਨ ਪਰ ਅਫਗਾਨਿਸਤਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਤੋਂ ਰੋਕ ਦਿੱਤਾ। ਇਸ ਕਾਰਨ 60 ਸਿੱਖ ਵੀ ਭਾਰਤ ਨਹੀਂ ਆ ਸਕੇ। ਅਫਗਾਨਿਸਤਾਨ ਦੇ ਸੱਭਿਆਚਾਰਕ ਮੰਤਰਾਲੇ ਨੇ ਧਾਰਮਿਕ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।