ਨਵੀਂ ਦਿੱਲੀ,16 ਸਤੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕਰਨ ਲਈ 57 ਸੇਵਾਮੁਕਤ ਨੌਕਰਸ਼ਾਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਸਰਕਾਰੀ ਮੁਲਾਜ਼ਮਾਂ ਦੀ ਵਰਤੋਂ ਕੀਤੀ ਹੈ। ਉਸ ਰਾਹੀਂ ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਦੇ ਯਤਨ ਕੀਤੇ ਜਾ ਰਹੇ ਹਨ।ਨੌਕਰਸ਼ਾਹਾਂ ਨੇ ਪੱਤਰ ਵਿੱਚ 3 ਸਤੰਬਰ ਨੂੰ ਰਾਜਕੋਟ ਵਿੱਚ ਹੋਈ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵਾਰ-ਵਾਰ ਦੁਹਰਾਇਆ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ‘ਆਪ’ ਪਾਰਟੀ ਦੀ ਜਿੱਤ ਲਈ ਕੰਮ ਕਰਨਾ ਚਾਹੀਦਾ ਹੈ।ਸੇਵਾਮੁਕਤ ਨੌਕਰਸ਼ਾਹਾਂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੀ ਪਾਰਟੀ ਦੇ ਪ੍ਰਚਾਰ ਲਈ ਗੁਜਰਾਤ ਦੇ ਸਰਕਾਰੀ ਮੁਲਾਜ਼ਮਾਂ ਨੂੰ ਵਰਤਿਆ ਜਾ ਰਿਹਾ ਹੈ। ਕੇਜਰੀਵਾਲ ਨੇ ਹੋਮਗਾਰਡਜ਼, ਪੁਲਿਸ ਮੁਲਾਜ਼ਮਾਂ, ਆਂਗਣਵਾੜੀ ਵਰਕਰਾਂ, ਸਰਕਾਰੀ ਡਰਾਈਵਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ।