- ਸੰਘਰਸ਼ਸ਼ੀਲ ਵਿਦਿਆਰਥੀਆਂ ਦੀ ਹਮਾਇਤ ਵਿੱਚ ਕੀਤੀ ਨਾਅਰੇਬਾਜ਼ੀ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 19 ਸਤੰਬਰ, 2022: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹਮਾਇਤ ਵਿੱਚ ਰੈਲੀ ਕੀਤੀ ਗਈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਅਤੇ ਕਾਲਜ ਕਮੇਟੀ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਮੈਨੇਜਮੈਂਟ ਇਸ ਗੰਭੀਰ ਮਸਲੇ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਖੇਰੂੰ ਖੇਰੂੰ ਕਰਨਾ ਚਾਹੁੰਦੀ ਹੈ।ਆਪਣਾ ਚੰਮ ਬਚਾਉਣ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਇਕ ਵਿਦਿਆਰਥਣ ਵੱਲੋਂ 60 ਦੇ ਕਰੀਬ ਯੂਨੀਵਰਸਿਟੀ ਵਿਦਿਆਰਥਣਾਂ ਦੀਆਂ ਨਹਾਉਂਦਿਆਂ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਗਈਆਂ ਹਨ ਜਿਸ ਸੰਬੰਧੀ ਕੁਝ ਵਿਦਿਆਰਥਣਾਂ ਵੱਲੋਂ ਹੋਸਟਲ ਦੀ ਵਾਰਡਨ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਪ੍ਰੰਤੂ ਵਾਰਡਨ ਸਮੇਤ ਯੂਨੀਵਰਸਿਟੀ ਮੈਨੇਜਮੈਂਟ ਦੇ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਕੱਲ ਰਾਤ ਯੂਨੀਵਰਸਿਟੀ ਦੀਆਂ 8 ਵਿਦਿਆਰਥਣਾਂ ਦੇ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਰਾਤ ਨੂੰ ਕੁਝ ਵਿਦਿਆਰਥਣਾਂ ਵੱਲੋਂ ਮਾਮਲੇ ਦੇ ਹੱਲ ਸਬੰਧੀ ਰੋਡ ਜਾਮ ਕਰਕੇ ਪ੍ਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਵਿਦਿਆਰਥਣਾਂ 'ਤੇ ਲਾਠੀਚਾਰਜ ਕੀਤਾ ਗਿਆ।
ਵਿਦਿਆਰਥੀਆਂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਦੀ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਬਜਾਏ ਪੂਰਾ ਸਰਕਾਰੀ ਤੰਤਰ ਫੌਰਨ ਪ੍ਰਾਈਵੇਟ ਯੂਨੀਵਰਸਿਟੀ ਦੀ ਮੈਨੇਜਮੈਂਟ ਦੇ ਪੱਖ 'ਚ ਨਿੱਤਰ ਆਇਆ ਪੰਜਾਬ ਦਾ ਮੁੱਖ ਮੰਤਰੀ, ਉੱਚ ਸਿੱਖਿਆ ਮੰਤਰੀ, ਸਕੂਲੀ ਸਿੱਖਿਆ ਮੰਤਰੀ, ਲੋਕਲ ਪੁਲੀਸ ਤੇ ਸਿਵਲ ਪ੍ਰਸ਼ਾਸਨ ਅਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸਾਰੇ ਮੀਡੀਆ ਪ੍ਰੈੱਸ ਕਾਨਫ਼ਰੰਸਾਂ ਤੇ ਸੋਸ਼ਲ ਮੀਡੀਆ ਰਾਹੀਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਰਗੀ ਕਿਸੇ ਵੀ ਘਟਨਾ ਤੋਂ ਇਨਕਾਰ ਕਰ ਰਹੇ ਹਨ ਅਤੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀਡੀਓਜ਼ ਵਾਇਰਲ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਐੱਫਆਈਆਰ ਦਰਜ ਹੋਣ ਦਾ ਵੀ ਦਾਅਵਾ ਕਰ ਰਹੇ ਹਨ। ਪੁਲਿਸ ਵੱਲੋਂ ਵਿਦਿਆਰਥਣਾਂ 'ਤੇ ਲਾਠੀਚਾਰਜ ਕਰਨਾ ਅਤੇ ਮੰਤਰੀਆਂ ਤੇ ਪੁਲੀਸ ਪ੍ਰਸ਼ਾਸਨ ਦਾ ਪ੍ਰਾਈਵੇਟ ਯੂਨੀਵਰਸਿਟੀ ਦੇ ਪੱਖ 'ਚ ਨਿੱਤਰਨਾ ਪ੍ਰਾਈਵੇਟ ਯੂਨੀਵਰਸਿਟੀ ਦੇ ਮਾਲਕਾਂ ਦੀ ਸਰਕਾਰੇ ਦਰਬਾਰੇ ਪਹੁੰਚ ਦਾ ਇਕਬਾਲ ਵੀ ਬਣ ਰਿਹਾ ਹੈ ਜੋ ਕਿ ਸਰਾਸਰ ਨਿੰਦਣਯੋਗ ਕਾਰਵਾਈ ਬਣਦੀ ਹੈ।
ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮਸਲੇ ਪ੍ਤੀ ਗੰਭੀਰਤਾ ਦੀ ਘਾਟ ਦਾ ਮੁਜ਼ਾਹਰਾ ਕਰਨ ਵਾਲੀ ਯੂਨੀਵਰਸਿਟੀ ਮੈਨੇਜਮੈਂਟ 'ਤੇ ਫੌਰੀ ਪਰਚਾ ਦਰਜ ਕਰੇ, ਪੰਜਾਬ ਸਰਕਾਰ ਮਸਲੇ ਦੀ ਨਿਰਪੱਖ ਜਾਂਚ ਕਰਕੇ ਫੌਰੀ ਹੱਲ ਕਰੇ ਅਤੇ ਵਿਦਿਆਰਥਣਾਂ 'ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸਖਤ ਨਿਖੇਧੀ ਕੀਤੀ।
ਇਸ ਮੌਕੇ ਅਵੀ ਸਹੋਤਾ, ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਹਰਪ੍ਰੀਤ ਸਿੰਘ, ਬੰਟੀ ਕਹੇਰੂ ਆਦਿ ਹਾਜ਼ਰ ਸਨ।