ਨਵੀਂ ਦਿੱਲੀ,22 ਸਤੰਬਰ,ਦੇਸ਼ ਕਲਿਕ ਬਿਊਰੋ:
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਈਡੀ ਨੇ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਦਫਤਰਾਂ ਅਤੇ ਇਸ ਦੇ ਨੇਤਾਵਾਂ ਦੇ ਘਰਾਂ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਛਾਪੇਮਾਰੀ ਕੀਤੀ ਹੈ। ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਸਮੇਤ 10 ਰਾਜਾਂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ PFI ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।NIA ਅਤੇ ED ਦੀਆਂ ਰੇਡ ਟੀਮਾਂ ਦੇ 200 ਤੋਂ ਵੱਧ ਅਧਿਕਾਰੀ ਅਤੇ ਮੈਂਬਰ ਇਸ ਛਾਪੇਮਾਰੀ ਨੂੰ ਅੰਜਾਮ ਦੇ ਰਹੇ ਹਨ। ਇਹ ਛਾਪੇ ਉਨ੍ਹਾਂ ਲੋਕਾਂ ਦੇ ਘਰਾਂ ਅਤੇ ਦਫਤਰਾਂ 'ਤੇ ਮਾਰੇ ਜਾ ਰਹੇ ਹਨ ਜੋ ਅੱਤਵਾਦੀ ਫੰਡਿੰਗ, ਸਿਖਲਾਈ ਕੈਂਪ ਸਥਾਪਤ ਕਰਨ ਅਤੇ ਪਾਬੰਦੀਸ਼ੁਦਾ ਸੰਗਠਨਾਂ ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਸ਼ਾਮਲ ਰਹੇ ਹਨ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 18 ਸਤੰਬਰ ਨੂੰ ਵੀ NIA ਦੀ ਟੀਮ ਨੇ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਇਨ੍ਹਾਂ ਵਿੱਚ ਤੇਲੰਗਾਨਾ-ਆਂਧਰਾ ਦੇ ਦੋ-ਦੋ ਲੋਕ ਸ਼ਾਮਲ ਸਨ।