ਪ੍ਰਾਇਮਰੀ ਸਕੂਲਾਂ 'ਚ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀਆਂ ਪਹਿਲਾਂ ਕੱਢੀਆਂ ਗਈਆਂ ਅਸਾਮੀਆਂ ਦਾ ਪੋਰਟਲ ਤੁਰੰਤ ਖੋਲਣ ਦੀ ਕੀਤੀ ਮੰਗ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 03 ਅਕਤੂਬਰ, 2022: ਪੰਜਾਬ ਭਰ 'ਚੋਂ 'ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ' ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੈਂਕੜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਜ਼ਬਰਦਸਤ ਰੋਸ਼ ਪ੍ਰਦਰਸਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਦੋ ਮਹਿਲਾ ਬੇਰੁਜ਼ਗਾਰ ਅਧਿਆਪਕਾਵਾਂ ਬੇਹੋਸ਼ ਹੋ ਗਈਆਂ ਜਦੋਂ ਕਿ ਇੱਕ ਜ਼ਖ਼ਮੀ ਹੋ ਗਈ। ਮਾਹੌਲ ਤਣਾਅਪੂਰਨ ਬਣਨ ਮਗਰੋਂ ਪੁਲੀਸ ਨੇ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਜ਼ਿਕਰਯੋਗ ਹੈ ਕਿ ਇਹ ਬੇਰੁਜ਼ਗਾਰ ਪੀਟੀਆਈ ਅਧਿਆਪਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਪੋਰਟਲ ਨਾ ਖੋਲ੍ਹਣ ਅਤੇ ਲਗਾਤਾਰ ਕੀਤੀ ਜਾ ਰਹੀ ਟਾਲ ਮਟੋਲ ਤੋਂ ਖਫ਼ਾ ਹਨ।
ਇਸ ਤੋਂ ਪਹਿਲਾਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਇਹ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ, ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਉਪਰ ਪੁੱਜੇ ਪਰ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰੋਕ ਲਿਆ ਗਿਆ। ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਜ਼ਬਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਧੱਕਾ-ਮੁੱਕੀ ਹੋਈ, ਜਿਸ ਦੌਰਾਨ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਰਿੰਪਲ ਰਾਣੀ ਫਾਜ਼ਿਲਕਾ ਅਤੇ ਮੰਜੂ ਬਾਲਾ ਫਾਜ਼ਿਲਕਾ ਬੇਹੋਸ਼ ਹੋ ਗਈਆਂ ਜਦੋਂ ਕਿ ਅਮਨਦੀਪ ਕੌਰ ਸੰਗਰੂਰ ਦੇ ਮੋਢੇ ’ਤੇ ਸੱਟ ਲੱਗੀ। ਬੇਹੋਸ਼ ਹੋਈ ਰਿੰਪਲ ਰਾਣੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਨਦੀਪ ਕੰਬੋਜ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਲੰਮੇ ਸੰਘਰਸ਼ ਮਗਰੋਂ 16 ਦਸੰਬਰ 2021 ਨੂੰ ਪ੍ਰਾਇਮਰੀ ਸਕੂਲਾਂ ਵਿਚ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ ਪਰ ਇਨ੍ਹਾਂ ਅਸਾਮੀਆਂ ਦਾ ਪੋਰਟਲ ਆਨਲਾਈਨ ਨਹੀਂ ਕੀਤਾ ਗਿਆ। ਆਮ ਆਦਮੀ ਪਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਪਹਿਲ ਦੇ ਆਧਾਰ ’ਤੇ ਭਰਤੀ ਕੀਤੀ ਜਾਵੇਗੀ ਪਰ ਸਿੱਖਿਆ ਮੰਤਰੀ ਤੇ ਅਧਿਕਾਰੀਆਂ ਵੱਲੋਂ ਲਾਰੇ ਲਾਏ ਜਾ ਰਹੇ ਹਨ।
ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਸਾਮੀਆਂ ਦਾ ਪੋਰਟਲ ਜਲਦੀ ਆਨਲਾਈਨ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਧਰ ਪੁਲੀਸ ਵੱਲੋਂ ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀਆਂ ਨੂੰ ਬਾਅਦ ਵਿੱਚ ਕੁਝ ਦੂਰ ਲਿਜਾ ਕੇ ਛੱਡ ਦਿੱਤਾ ਗਿਆ। ਥਾਣਾ ਸਦਰ ਪੁਲੀਸ ਦੇ ਐੱਸਐੱਚਓ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਕਿਸੇ ਵੀ ਬੇਰੁਜ਼ਗਾਰ ਅਧਿਆਪਕ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ ਸਗੋਂ ਧਾਰਾ 144 ਲੱਗੀ ਹੋਣ ਬਾਰੇ ਜਾਣਕਾਰੀ ਦੇਣ 'ਤੇ ਬੇਰੁਜ਼ਗਾਰ ਆਪ ਹੀ ਇਥੋਂ ਚਲੇ ਗਏ ਸਨ।