ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਲਈ ਵੱਡੇ ਪੱਧਰ ਉਤੇ ਪੈਸ਼ੇ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਤੇਲੰਗਾਨਾ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਾਈਬਰਾਬਾਦ ਦੇ ਪੁਲਿਸ ਕਮਿਸ਼ਨਰ ਸਟੀਫਨ ਰਵਿੰਦਰ ਨੇ ਕਿਹਾ ਕਿ ਤੇਲੰਗਾਨਾ ਰਾਸ਼ਟਰ ਸੰਮਤੀ ਦੇ ਚਾਰ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਵਿਧਾਇਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਅਜੀਜ ਨਗਰ ਸਥਿਤ ਫਾਰਮਹਾਊਸ ਦੀ ਤਲਾਸ਼ੀ ਲਈ ਗਈ। ਐਨਡੀਟੀਵੀ ਦੀ ਖਬਰ ਅਨੁਸਾਰ ਵਿਧਾਇਕਾਂ ਨੇ ਪੁਲਿਸ ਨੂੰ ਇਹ ਕਹਿੰਦੇ ਹੋਏ ਬੁਲਾਇਆ ਸੀ ਕਿ ਉਨ੍ਹਾਂ ਨੂੰ ਪਾਰਟੀ ਬਦਲਣ ਲਈ ਮਨਾਇਆ ਜਾ ਰਿਹਾ ਹੈ ਅਤੇ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਨੂੰ ਹੁਣ ਤੱਕ ਪਤਾ ਚਲਿਆ ਹੈ ਕਿ ਹਿਰਾਸਤ ਵਿੱਚ ਲਏ ਗਏ ਲੋਕ ਜ਼ਾਅਲੀ ਪਹਿਚਾਣ ਦੇ ਆਧਾਰ ਉਤੇ ਹੈਦਰਾਬਾਦ ਆਏ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਝਾਰਖੰਡ ਅਤੇ ਪੰਜਾਬ ਵਿੱਚ ਵੀ ਸੱਤਾਧਾਰੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਗੱਲ ਸਾਹਮਣੇ ਆਈ ਸੀ। ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਦੋਸ਼ ਲਗਾਇਆ ਸੀ ਕਿ ਦਿੱਲੀ ਅਤੇ ਪੰਜਾਬ ਵਿੱਚ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ।