ਨਵੀਂ ਦਿੱਲੀ, 30 ਅਕਤੂਬਰ, ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਮਹੀਨਾਵਾਰ ਪ੍ਰੋਗਰਾਮ 'ਮਨ ਕੀ ਬਾਤ' 'ਚ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਮਨ ਕੀ ਬਾਤ ਦਾ 94ਵਾਂ ਐਪੀਸੋਡ ਹੈ। 3 ਅਕਤੂਬਰ ਤੋਂ 28 ਅਕਤੂਬਰ ਤੱਕ ਲੋਕਾਂ ਤੋਂ ਸੁਝਾਅ ਮੰਗੇ ਗਏ ਸਨ ਕਿ ਪ੍ਰੋਗਰਾਮ ਵਿੱਚ ਕਿਹੜੇ ਮੁੱਦਿਆਂ ਨੂੰ ਸ਼ਾਮਲ ਕੀਤਾ ਜਾਵੇ। ਮਨ ਕੀ ਬਾਤ ਦੇ 93ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਜਾਵੇਗਾ। ਇਹ ਫੈਸਲਾ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ (28 ਸਤੰਬਰ) 'ਤੇ ਸ਼ਰਧਾਂਜਲੀ ਦੇਣ ਲਈ ਲਿਆ ਗਿਆ ਸੀ।ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ ਤੋਂ ਠੀਕ ਪਹਿਲਾਂ, ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। ਮੈਂ ਇਸ ਫੈਸਲੇ ਲਈ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ।